ਹੁਣ 17 ਨਵੰਬਰ ਨੂੰ ਹੋਵੇਗਾ ਦਾਦੀ ਦਾ ਅੰਤਿਮ ਸਸਕਾਰ; 19 ਨਵੰਬਰ ਨੂੰ ਪਾਏ ਜਾਣਗੇ ਭੋਗ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੀ ਤਰੀਕ ਬਦਲਣ ਵਾਸਤੇ ਮੁੜ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਉੱਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਲੀਗਲ ਪੈਨਲ ਦੇ ਵਕੀਲ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅਦਾਲਤ ਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਪਰ ਜ਼ਮਾਨਤ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਵਿੱਚ ਵਧੇਰੇ ਸਮਾਂ ਲੱਗਣ ਕਾਰਨ, 14 ਨਵੰਬਰ ਨੂੰ ਉਨ੍ਹਾਂ ਦਾ ਸਸਕਾਰ ਵਿੱਚ ਸ਼ਾਮਲ ਹੋਣਾ ਮੁਮਕਿਨ ਨਹੀਂ ਸੀ। ਇਨ੍ਹਾਂ ਤਕਨੀਕੀ ਕਾਰਨਾਂ ਕਰਕੇ ਹੁਣ ਸਸਕਾਰ ਦੀ ਤਰੀਕ ਬਦਲ ਕੇ 17 ਨਵੰਬਰ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਦੇ ਮੱਦੇਨਜ਼ਰ ਵਕੀਲਾਂ ਵੱਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਅੰਤਰਿਮ ਜ਼ਮਾਨਤ 17 ਨਵੰਬਰ ਤੋਂ 19 ਨਵੰਬਰ ਤੱਕ ਦਿੱਤੀ ਜਾਵੇ, ਜਿਸ ‘ਤੇ ਅਦਾਲਤ ਦੇ ਫੈਸਲੇ ਦੀ ਫਿਲਹਾਲ ਉਡੀਕ ਹੈ।
ਐਡਵੋਕੇਟ ਪੰਨੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੰਤਰਿਮ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ, ਪਰ ਪਾਰਟੀ ਦੇ ਲੀਗਲ ਸੈੱਲ ਦੇ ਵਕੀਲਾਂ ਦੀ ਜ਼ੋਰਦਾਰ ਬਹਿਸ ਮਗਰੋਂ ਅਦਾਲਤ ਨੇ ਇੱਕ ਦਿਨ ਦੀ ਮਨਜ਼ੂਰੀ ਦੇ ਦਿੱਤੀ ਸੀ।
ਪਾਰਟੀ ਦੇ ਬੁਲਾਰੇ ਨੇ ਅਦਾਲਤ ਦੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਇੱਕ ਦਿਨ, ਜਦਕਿ ਉਨ੍ਹਾਂ ਦੇ ਚਾਚੇ ਨੂੰ ਦੋ ਦਿਨ ਅਤੇ ਇੱਕ ਹੋਰ ਰਿਸ਼ਤੇਦਾਰ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਕਾਨੂੰਨੀ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗਣ ਕਾਰਨ ਹੀ ਅਦਾਲਤ ਨੂੰ ਤਰੀਕਾਂ ਬਦਲਣ ਦੀ ਅਪੀਲ ਕੀਤੀ ਗਈ ਹੈ ਅਤੇ ਉਸੇ ਅਨੁਸਾਰ ਸਸਕਾਰ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।




















