Code Of Ethics

Download app

Subscribe To Print Edition

SAD-BJP Alliance buzz: ਅਕਾਲੀ-ਭਾਜਪਾ ਗੱਠਜੋੜ ਦੀਆਂ ਕਿਆਸਰਾਈਆਂ ਵਿਚਾਲੇ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਤੇ ਗੈਂਗਸਟਰਾਂ ਨਾਲ ਨਜਿੱਠਣ ਦੇ ਸਾਂਝੇ ਕੀਤੇ ਤਜਰਬੇ

featured-img

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਸਬੰਧੀ ਚੱਲ ਰਹੀਆਂ ਚਰਚਾਵਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਹਮੋ-ਸਾਹਮਣੇ (ਵਨ-ਆਨ-ਵਨ) ਮੁਲਾਕਾਤ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਭਖਦੇ ਮੁੱਦਿਆਂ, ਖ਼ਾਸ ਕਰਕੇ ਨਸ਼ਿਆਂ ਅਤੇ ਗੈਂਗਸਟਰਾਂ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕੇਂਦਰ ਸਰਕਾਰ ਤੇ ਭਾਜਪਾ ਇਨ੍ਹਾਂ ਨੂੰ ਹੱਲ ਕਰਨ ਵਿੱਚ ਕਿਵੇਂ ਮਦਦ ਕਰ ਸਕਦੇ ਹਨ।

‘ਦਿ ਟ੍ਰਿਬਿਊਨ’ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਇਸ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਕੈਪਟਨ ਨੇ ਕਿਹਾ ਕਿ ਇਸ ਦੌਰਾਨ ਕੋਈ ਸਿਆਸੀ ਚਰਚਾ ਨਹੀਂ ਹੋਈ।

ਇਹ ਮੁਲਾਕਾਤ ਅਜਿਹੇ ਸਮੇਂ ਵਿੱਚ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਜਦੋਂ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਦਾ ਐਲਾਨ ਕਰਨ ਲਈ ਸਰਗਰਮ ਹਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਸੀਨੀਅਰ ਆਗੂਆਂ ਵਿਚਾਲੇ ਮੀਟਿੰਗਾਂ ਹੋਣ ਦੀ ਸੰਭਾਵਨਾ ਹੈ।

ਕੈਪਟਨ ਅਮਰਿੰਦਰ ਸਿੰਘ ਲੰਬੇ ਸਮੇਂ ਤੋਂ ਇਸ ਗੱਠਜੋੜ ਦੇ ਹਾਮੀ ਰਹੇ ਹਨ। ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਦੀ ਗਿਣਤੀ ਉਨ੍ਹਾਂ ਚੋਣਵੇਂ ਆਗੂਆਂ ਵਿੱਚ ਹੁੰਦੀ ਹੈ ਜਿਨ੍ਹਾਂ ਨੂੰ ਸੂਬੇ ਦੇ ਮਾਮਲਿਆਂ ਅਤੇ ਸੁਰੱਖਿਆ ਚੁਣੌਤੀਆਂ ਦੀ ਡੂੰਘੀ ਸਮਝ ਹੈ, ਜਿਸ ਕਾਰਨ ਕੇਂਦਰ ਨੂੰ ਦਿੱਤੀ ਗਈ ਉਨ੍ਹਾਂ ਦੀ ਜਾਣਕਾਰੀ ਕਾਫ਼ੀ ਮਹੱਤਵ ਰੱਖਦੀ ਹੈ।

ਇਸ ਮੁਲਾਕਾਤ ਦੀ ਅਹਿਮੀਅਤ ਇਸ ਲਈ ਵੀ ਵਧ ਜਾਂਦੀ ਹੈ ਕਿਉਂਕਿ ਕੈਪਟਨ ਅਤੀਤ ਵਿੱਚ ਭਾਜਪਾ ਦੀ ਆਲੋਚਨਾ ਕਰਦੇ ਰਹੇ ਹਨ। ਉਨ੍ਹਾਂ ‘ਦਿ ਟ੍ਰਿਬਿਊਨ’ ਨੂੰ ਦਿੱਤੀ ਇੱਕ ਪੁਰਾਣੀ ਇੰਟਰਵਿਊ ਵਿੱਚ ਕਿਹਾ ਸੀ ਕਿ ਭਾਜਪਾ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਪੂਰੀ ਤਰ੍ਹਾਂ ਨਹੀਂ ਸਮਝਦੀ। ਇਸ ਦੇ ਬਾਵਜੂਦ, ਸੂਬੇ ਨਾਲ ਸਬੰਧਤ ਮਾਮਲਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਸਲਾਹ ਨੂੰ ਕਾਫ਼ੀ ਤਵੱਜੋ ਦਿੰਦੇ ਹਨ।

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਆਗੂ ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ (Belonging: A Journey of Love) ਦੇ ਰਿਲੀਜ਼ ਸਮਾਗਮ ਵਿੱਚ ਵੀ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ‘ਦਿ ਟ੍ਰਿਬਿਊਨ’ ਨੂੰ ਦੱਸਿਆ ਕਿ ਉਹ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਉਨ੍ਹਾਂ ਕਿਹਾ, “ਮੈਂ ਨਸ਼ਿਆਂ, ਗੈਂਗਸਟਰਾਂ ਅਤੇ ਪਾਕਿਸਤਾਨ ਦੀ ਸ਼ਹਿ ’ਤੇ ਚੱਲ ਰਹੇ ਅਤਿਵਾਦ ਦੇ ਖ਼ਤਰੇ ਵਰਗੇ ਮੁੱਦਿਆਂ ਨਾਲ ਨਜਿੱਠਣ ਦੇ ਆਪਣੇ ਤਜਰਬੇ ਸਾਂਝੇ ਕੀਤੇ ਹਨ।”

 

Leave a Comment

Advertisment

You May Like This