ਪਿਕਅੱਪ ਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ; 10 ਤੋਂ ਵੱਧ ਜ਼ਖ਼ਮੀ; ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਪਰਿਵਾਰ
Fazilka Road Accident: ਫਾਜ਼ਿਲਕਾ-ਫਿਰੋਜ਼ਪੁਰ ਸੜਕ ’ਤੇ ਪਿੰਡ ਥੇਹ ਕਲੰਦਰ ਨੇੜੇ ਅੱਜ ਸੜਕ ਹਾਦਸੇ ਵਿੱਚ ਔਰਤ ਅਤੇ ਤਿੰਨ ਬੱਚਿਆਂ ਸਣੇ ਪੰਜ ਜਣਿਆਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਮਗਰੋਂ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਜਾਣਕਾਰੀ ਅਨੁਸਾਰ ਕਰੂਜ਼ਰ ਵਿੱਚ ਸਵਾਰ ਇੱਕ ਪਰਿਵਾਰ ਪਿੰਡ ਕਰਨੀਖੇੜਾ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਜਲਾਲਾਬਾਦ ਦੇ ਪਿੰਡ ਟਿਵਾਣਾ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦੀ ਗੱਡੀ ਪਿੰਡ ਥੇਹ ਕਲੰਦਰ ਨੇੜੇ ਪੁੱਜੀ ਤਾਂ ਪਿਕਅੱਪ ਨਾਲ ਉਸ ਦੀ ਟੱਕਰ ਹੋ ਗਈ।
13 ਜੀਆਂ ਦਾ ਪਰਿਵਾਰ ਚਾਚੇ ਦੇ ਲੜਕੇ ਦੇ ਵਿਆਹ ਤੋਂ ਪਰਤ ਰਿਹਾ ਸੀ
ਇਹ ਹਾਦਸਾ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਪਿੰਡ ਥੇਹ ਕਲੰਦਰ ਨੇੜੇ ਐਤਵਾਰ ਰਾਤ ਕਰੀਬ 8 ਵਜੇ ਵਾਪਰਿਆ। ਮ੍ਰਿਤਕਾਂ ਵਿੱਚ ਕਰੂਜ਼ਰ ਗੱਡੀ ਦਾ ਡਰਾਈਵਰ ਵੀ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਕਰੂਜ਼ਰ ਗੱਡੀ ਵਿੱਚ ਇੱਕ ਪਰਿਵਾਰ ਦੇ 13 ਜੀਅ ਸਵਾਰ ਸਨ। ਇਹ ਪਰਿਵਾਰ ਪਿੰਡ ਕਰਨੀਖੇੜਾ ਵਿੱਚ ਆਪਣੇ ਚਾਚੇ ਦੇ ਲੜਕੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਲਾਲਾਬਾਦ ਦੇ ਪਿੰਡ ਟਿਵਾਣਾ ਸਥਿਤ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਪਿੰਡ ਥੇਹ ਕਲੰਦਰ ਨੇੜੇ ਉਨ੍ਹਾਂ ਦੀ ਗੱਡੀ ਦੀ ਪਿਕਅੱਪ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਸੰਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਪਰਿਵਾਰ ਦੇ ਦੋ ਬੱਚਿਆਂ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ, ਜਦਕਿ ਗੱਡੀ ਦੇ ਡਰਾਈਵਰ ਨੇ ਵੀ ਦਮ ਤੋੜ ਦਿੱਤਾ। ਇਸ ਤਰ੍ਹਾਂ ਮ੍ਰਿਤਕਾਂ ਦੀ ਕੁੱਲ ਗਿਣਤੀ ਪੰਜ ਹੋ ਗਈ। ਹਾਦਸੇ ਵਿੱਚ 10 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਘਟਨਾ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕਾਰਵਾਈ ਕੀਤੀ। ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ
ਹਾਦਸੇ ਦੀ ਸੂਚਨਾ ਮਿਲਣ ਮਗਰੋਂ ਐਂਬੂਲੈਂਸਾਂ ਮੌਕੇ ’ਤੇ ਬੁਲਾਈਆਂ ਗਈਆਂ ਅਤੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਪੰਜ ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ। 11 ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਹੋਰ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਦੇਸੋ ਬਾਈ, ਸਚਿਨ, ਜੌਹਨ, ਮਨਪ੍ਰੀਤ ਅਤੇ ਗੁਰਲੀਨ ਕੌਰ ਵਜੋਂ ਹੋਈ ਹੈ। ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਇੱਕ ਮੈਡੀਕਲ ਅਧਿਕਾਰੀ ਨੇ ਪੰਜ ਮੌਤਾਂ ਦੀ ਪੁਸ਼ਟੀ ਕੀਤੀ ਹੈ।
ਵਿਧਾਇਕ ਮੌਕੇ ’ਤੇ ਪਹੁੰਚੇ
ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਹਾਦਸੇ ਸਬੰਧੀ ਜਾਣਕਾਰੀ ਹਾਸਲ ਕੀਤੀ। ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।




















