ਧੂਰੀ ’ਚ 39 ਕਰੋੜ ਦੀ ਲਾਗਤ ਨਾਲ ਬਣੇ ਹਾਕੀ ਇਨਡੋਰ ਸਟੇਡੀਅਮ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਨੇੜਲੇ ਪਿੰਡ ਕਹੇਰੂ/ਜਹਾਂਗੀਰ ਕੋਲ ਲਗਪਗ 39 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਰਕਬੇ ਵਿੱਚ ਬਣੇ ਹਾਕੀ ਇਨਡੋਰ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਸਥਾਨਕ ਲੋਕਾਂ ਨੇ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਹਲਕੇ ਵਿੱਚ ਹਾਕੀ ਵੱਡੇ ਪੱਧਰ ’ਤੇ ਖੇਡੀ ਜਾਂਦੀ ਹੈ। ਇਹ ਸਟੇਡੀਅਮ ਇਲਾਕੇ ਨੂੰ ਖੇਡਾਂ ਦੇ ਵੱਡੇ ਕੇਂਦਰ (ਹੱਬ) ਵਜੋਂ ਵਿਕਸਤ ਕਰੇਗਾ, ਜਿੱਥੇ ਖਿਡਾਰੀ ਖੇਡਣ ਦੇ ਨਾਲ-ਨਾਲ ਹਾਕੀ ਦੀ ਸਿਖਲਾਈ ਵੀ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇੱਥੇ ਹੋਰਨਾਂ ਖੇਡਾਂ ਲਈ ਬਣ ਰਿਹਾ ਇਨਡੋਰ ਸਟੇਡੀਅਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਕੋਲ ਖੇਡਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਬਜਟ ਵਿੱਚ ਦੁੱਗਣਾ-ਤਿੱਗਣਾ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਜਿਸ ਲਈ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਇੱਕ ਵੱਖਰੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਸੂਬੇ ਵਿੱਚ ਧਰਨੇ-ਮੁਜ਼ਾਹਰੇ ਕਰਵਾਉਣਾ ਨਹੀਂ, ਸਗੋਂ ਵਿਕਾਸ ਕਾਰਜ ਕਰਵਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਣ ਨਾਲ ਫ਼ਸਲਾਂ ਦੇ ਝਾੜ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਨਵੀਆਂ ਸੜਕਾਂ, ਨਵੇਂ ਖੇਡ ਸਟੇਡੀਅਮ, ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇਣ ਸਮੇਤ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਸਮਾਗਮ ਦੌਰਾਨ ਓ.ਐੱਸ.ਡੀ. ਸੁਖਬੀਰ ਸਿੰਘ ਸੁੱਖੀ, ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਦਾ ਅਤੇ ਰਛਪਾਲ ਸਿੰਘ ਭੁੱਲਰਹੇੜੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।




















