ਗੁਰਦਾਸਪੁਰ, 24 ਅਪ੍ਰੈਲ ( ਬਿਊਰੋ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸ਼ਾਮ ਚਿਲਡਰਨ ਹੋਮ (ਲੜਕੇ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਸਿਵਲ ਸਰਜਨ ਡਾ. ਹਰਭਜਨ ਰਾਮ, ਚਿਲਡਰਨ ਹੋਮ ਦੀ ਸੰਚਾਲਕ ਮੈਡਮ ਸੰਦੀਪ ਕੌਰ, ਐੱਸ.ਡੀ.ਓ. ਲਵਜੀਤ ਸਿੰਘ, ਡੀ.ਐੱਸ.ਪੀ. ਮੰਗਲ ਸਿੰਘ, ਜ਼ਿਲ੍ਹਾ ਰੈੱਡ ਕਰਾਸ ਦੇ ਸੈਕਟਰੀ ਸ੍ਰੀ ਰਾਜੀਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਚਿਲਡਰਨ ਹੋਮ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਆਪਣੇ ਦੌਰੇ ਦੌਰਾਨ ਚਿਲਡਰਨ ਹੋਮ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਨਾਲ ਹੀ ਬੱਚਿਆਂ ਦੇ ਕਮਰਿਆਂ, ਰਸੋਈ, ਸਟੱਡੀ ਰੂਮ, ਕਾਮਨ ਰੂਮ ਆਦਿ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਚਿਲਡਰਨ ਹੋਮ ਵਿਖੇ ਰਹਿ ਰਹੇ 13 ਸਹਿਵਾਸੀ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਕੋਲੋਂ ਫੀਡਬੈਕ ਲਈ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੇ ਨਾਲ ਚਿਲਡਰਨ ਹੋਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਿਲਡਰਨ ਹੋਮ ਦੀ ਮੁਰੰਮਤ ਅਤੇ ਸਿਵਲ ਵਰਕ ਦੇ ਜੋ ਵੀ ਬਕਾਇਆ ਕੰਮ ਹਨ ਉਨ੍ਹਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਚਿਆਂ ਦਾ ਰੈਗੂਲਰ ਮੈਡੀਕਲ ਚੈੱਕਅਪ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਰ 15 ਦਿਨਾਂ ਬਾਅਦ ਚਿਲਡਰਨ ਹੋਮ ਦੇ ਪਾਣੀ ਦੀ ਟੈਸਟਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਤੋਂ ਬਾਅਦ ਚਿਲਡਰਨ ਹੋਮ ਵਿਖੇ ਵੀ ਪੜ੍ਹਾਇਆ ਜਾਵੇ ਅਤੇ ਬੱਚਿਆਂ ਦੀ ਕਰੀਅਰ ਕਾਊਂਸਲਿੰਗ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਬੱਚਿਆਂ ਨੂੰ ਵਿਰਾਸਤ-ਏ-ਖ਼ਾਲਸਾ ਅਤੇ ਹੋਰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਟੂਰ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਘਰ ਵਰਗਾ ਮਾਹੌਲ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਵੱਲ ਪੂਰਾ ਧਿਆਨ ਦੇਣ ਕਿਉਂਕਿ ਉਨ੍ਹਾਂ ਦੀ ਹੁਣ ਕੀਤੀ ਮਿਹਨਤ ਸਾਰੀ ਉਮਰ ਉਨ੍ਹਾਂ ਦੇ ਕੰਮ ਆਵੇਗੀ।