ਗੁਰਦਾਸਪੁਰ, 30 ਅਪ੍ਰੈਲ ( ਬਿਊਰੋ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਣ ਦੇ ਯਤਨਾਂ ਤਹਿਤ ਚਲਾਏ ਜਾ ਰਹੇ `ਵਿਰਸਾ ਦਰਸ਼ਨ` ਪ੍ਰੋਗਰਾਮ ਤਹਿਤ ਅੱਜ ਸੁਖਜਿੰਦਰਾ ਗਰੁੱਪ ਆਫ ਇੰਸਟੀਚਊਟਸ ਦੀਆਂ ਵਿਦਿਆਰਥਣਾਂ ਨੂੰ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ।
ਸਥਾਨਕ ਪੰਚਾਇਤ ਭਵਨ ਤੋਂ ਵਿਰਸਾ ਦਰਸ਼ਨ ਲਈ ਰਵਾਨਾਂ ਹੋਈ ਵਿਸ਼ੇਸ਼ ਬੱਸ ਰਾਹੀਂ ਵਿਦਿਆਰਥਣਾਂ ਨੇ ਸਭ ਤੋਂ ਪਹਿਲਾਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੇ ਦਰਸ਼ਨ ਕੀਤੇ। ਇਸ ਉਪਰੰਤ ਯਾਤਰਾ ਦੇ ਅਗਲੇ ਪੜਾਵਾਂ ਤਹਿਤ ਵਿਦਿਆਰਥਣਾਂ ਨੂੰ ਗੁਰਦਾਸ ਨੰਗਲ ਗੜ੍ਹੀ, ਸ਼ਿਵ ਮੰਦਰ ਕਲਾਨੌਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਚੋਲਾ ਸਾਹਿਬ ਡੇਰਾ ਬਾਬਾ ਨਾਨਕ, ਸ੍ਰੀ ਧਿਆਨਪੁਰ ਧਾਮ, ਬਟਾਲਾ ਵਿਖੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕਰਵਾਏ ਗਏ। ਬਾਅਦ ਦੁਪਹਿਰ ਇਹ ਯਾਤਰਾ ਵਾਪਸ ਗੁਰਦਾਸਪੁਰ ਵਿਖੇ ਪਹੁੰਚ ਕੇ ਸਮਾਪਤ ਹੋਈ। ਯਾਤਰਾ ਦੌਰਾਨ ਵਿਦਿਆਰਥਣਾਂ ਨੂੰ ਸਾਰੇ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿੱਚ ਇਕ ਦਸਤਾਵੇਜੀ ਫਿਲਮ ਵੀ ਦਿਖਾਈ ਗਈ। ਵਿਦਿਆਰਥਣਾਂ ਨੇ ਵਿਰਸਾ ਦਰਸ਼ਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਹੈਰੀਟਜ ਸੁਸਾਇਟੀ ਗੁਰਦਾਸਪੁਰ ਦਾ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਦੇ ਦਰਸ਼ਨਾਂ ਲਈ ਗੁਰਦਾਸਪੁਰ ਤੇ ਬਟਾਲਾ ਤੋਂ ਹਫ਼ਤਾਵਾਰੀ ਮੁਫ਼ਤ ਬੱਸਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਰਾਹੀਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਵਿਰਸੇ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਸਦਕਾ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜਨ ਦੇ ਨਾਲ ਵਿਰਸੇ ਦੀ ਸੰਭਾਲ ਲਈ ਵੀ ਅੱਗੇ ਆ ਰਹੀ ਹੈ।