ਕੈਬਨਿਟ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ; ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਕੰਮ ਜਾਰੀ

ਅੰਮ੍ਰਿਤਸਰ/ਡੇਰਾ ਬਾਬਾ ਨਾਨਕ, 21 ਜੁਲਾਈ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੌਰੀਡੋਰ ਨੂੰ ਤਿੰਨ ਦਿਨਾਂ ਵਾਸਤੇ ਸੰਗਤਾਂ ਲਈ ਬੰਦ ਕੀਤਾ ਗਿਆ ਹੈ। ਇਸ ਸਬੰਧ ਵਿਚ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਜਨਰਲ ਮੈਨੇਜਰ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਵਿਚ ਦਰਿਆ ਦਾ ਪਾਣੀ ਦਾ ਪੱਧਰ ਵੱਧ ਜਾਣ ਤੋਂ ਬਾਅਦ ਦੀ ਸਥਿਤੀ ਬਾਰੇ ਜਾਣੂ ਕਰਵਾਉਂਦੇ ਹੋਏ ਕੌਰੀਡੋਰ ਨੂੰ ਬੰਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਪੱਤਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਉਂਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਵਿਚੋਂ ਪਿੰਡ ਘੋਨੇਵਾਲ ਵਿਚੋਂ 2.18 ਲੱਖ ਕਿਊਸਿਕ ਪਾਣੀ ਲੰਘ ਚੁੱਕਿਆ ਹੈ ਅਤੇ ਥੋੜ੍ਹੇ ਸਮੇਂ ਵਿੱਚ ਹੀ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਰਾਵੀ ਦੇ ਹਾਲਾਤ ਨਾਜ਼ੁਕ ਹਨ ਪਰ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਨੇ ਪਿੰਡ ਘੋਨੇਵਾਲ ਅਤੇ ਸਹਾਰਨ ਵਿਚ ਵੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਲੋਕਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ’ਤੇ ਧੁੱਸੀ ਬੰਨ੍ਹ ਕਮਜ਼ੋਰ ਹੈ, ਉਥੇ ਬੰਨ੍ਹ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। Punjabi Akhar





















