‘ਆਪ’ ਕਾਰਕੁਨਾਂ ਵੱਲੋਂ ਬੀਰੇਨ ਸਿੰਘ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ

ਚੰਡੀਗੜ੍ਹ, 25 ਜੁਲਾਈ
ਮਨੀਪੁਰ ’ਚ ਵਾਪਰੀ ਘਟਨਾ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਵਿਰੁੱਧ ਚੰਡੀਗੜ੍ਹ ਦੇ ਐੱਮਐੱਲਏ ਹੋਸਟਲ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਕਾਰਕੁਨਾਂ ਦੀ ਅਗਵਾਈ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਮੌਜੂਦ ਸਨ। ‘ਆਪ’ ਆਗੂਆਂ ਨੇ ਜਦੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਰਾਜ ਭਵਨ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਐੱਮਐੱਲਏ ਹੋਸਟਲ ਦੇ ਗੇਟ ’ਤੇ ਹੀ ਰੋਕ ਲਿਆ। ਇਸ ਦੌਰਾਨ ‘ਆਪ’ ਆਗੂਆਂ ਤੇ ਚੰਡੀਗੜ੍ਹ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ, ਜਿਸ ਤੋਂ ਬਾਅਦ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਉਨ੍ਹਾਂ ਨੂੰ ਖਦੇੜ ਦਿੱਤਾ। ਪੁਲੀਸ ਨੇ ਕਈਆਂ ਨੂੰ ਹਿਰਾਸਤ ’ਚ ਵੀ ਲਿਆ, ਜਿਨ੍ਹਾਂ ਨੂੰ ਬਾਅਦ ਦੁਪਹਿਰ ਛੱਡ ਦਿੱਤਾ।
‘ਆਪ’ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰ ਕੇ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਨੀਪੁਰ ਹਿੰਸਾ ’ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਚਾਹੁੰਦੀ ਤਾਂ ਮਨੀਪੁਰ ਵਿੱਚ ਅਜਿਹੀ ਘਟਨਾ ਨਾ ਵਾਪਰਦੀ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਔਰਤਾਂ ਪ੍ਰਤੀ ਭਾਜਪਾ ਦੀ ਸੋਚ ਮਾੜੀ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ‘ਆਪ’ ਮਨੀਪੁਰ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ।
ਜਨਤਕ ਜਥੇਬੰਦੀਆਂ ਵੱਲੋਂ ਇਕਬਾਲ ਸਿੰਘ ਲਾਲਪੁਰਾ ਦੇ ਘਰ ਦਾ ਘਿਰਾਓ
ਨੂਰਪੁਰ ਬੇਦੀ (): ਜਨਤਕ ਜਥੇਬੰਦੀਆਂ ਪੰਜਾਬ ਸਟੂਡੈਂਟਸ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਕਿਰਤੀ ਕਿਸਾਨ ਮੋਰਚਾ ਰੂਪਨਗਰ ਤੇ ਇਫਟੂ ਆਗੂ ਆਪਣੇ ਦਿੱਤੇ ਸੱਦੇ ਤਹਿਤ ਮਨੀਪੁਰ ਹਿੰਸਾ ਖ਼ਿਲਾਫ਼ ਭਾਜਪਾ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਕਲਵਾਂ ਸਥਿਤ ਘਰ ਅੱਗੇ ਮੋਦੀ ਸਰਕਾਰ ਦਾ ਪੁਤਲਾ ਫੂਕਣ ਲਈ ਪਹੁੰਚੇ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਤੇ ਲਾਲਪੁਰਾ ਦੇ ਸਮਰਥਕਾਂ ਵਿਚਾਲੇ ਹੋਣ ਵਾਲੇ ਟਕਰਾਅ ਨੂੰ ਰੋਕਿਆ। ਆਗੂਆਂ ਨੇ ਕਿਹਾ ਕਿ ਮਨੀਪੁਰ ਵਿੱਚ ਔਰਤਾਂ ਨਾਲ ਹੋ ਰਹੇ ਅਣਮਨੁੱਖੀ ਵਿਤਕਰੇ ਦਾ ਕਾਰਨ ਭਾਜਪਾ ਸਰਕਾਰ ਦੀਆਂ ਜਾਤ, ਧਰਮ, ਨਸਲ ਆਧਾਰਿਤ ਫਿਰਕਾਪ੍ਰਸਤ ਨੀਤੀਆਂ ਹਨ। ਆਗੂਆਂ ਨੇ ਕਿਹਾ ਕਿ ਦੋਸ਼ੀਆਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਗਰਾਹਾਂ ਵੱਲੋਂ 6 ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦਾ ਐਲਾਨ
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਇੱਥੇ ਸੂਬਾ ਕਮੇਟੀ ਆਗੂਆਂ ਦੀ ਮੀਟਿੰਗ ਹੋਈ। ਇਸ ਮੌਕੇ ਐਲਾਨ ਕੀਤਾ ਕਿ ਮਨੀਪੁਰ ਘਟਨਾ ਅਤੇ ਦੇਸ਼ ਵਿੱਚ ਭਾਜਪਾ ਹਕੂਮਤਾਂ ਵੱਲੋਂ ਚਲਾਈ ਜਾ ਰਹੀ ਜਾਬਰ ਫਿਰਕੂ ਫਾਸ਼ੀ ਮੁਹਿੰਮ ਵਿਰੁੱਧ 6 ਅਗਸਤ ਨੂੰ ਚੰਡੀਗੜ੍ਹ ਵਿੱਚ ਔਰਤਾਂ ਦਾ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਫ਼ੈਸਲਾ ਅੱਜ ਗੁਰਦੁਆਰਾ ਸਾਹਿਬ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਮੀਟਿੰਗ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਦੌਰਾਨ ਫਿਰਕੂ ਕਤਲਾਂ ਅਤੇ ਔਰਤਾਂ ਵਿਰੁੱਧ ਘਿਨਾਉਣੇ ਜੁਰਮਾਂ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ 15 ਜ਼ਿਲ੍ਹਿਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ। Punjabi Akhar





















