ਸ਼ਿਮਲਾ, 28 ਜਨਵਰੀ
ਇਥੋਂ ਦੇ ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀ ਖੇਤਰਾਂ ਵਿੱਚ 30 ਜਨਵਰੀ ਤੋਂ 3 ਫਰਵਰੀ ਤੱਕ ਭਾਰੀ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਲਗਾਤਾਰ ਦੋ ਪੱਛਮੀ ਗੜਬੜੀਆਂ ਕਾਰਨ ਪਹਾੜੀ ਸੂਬੇ ਵਿਚ ਮੌਸਮ ਦਾ ਮਿਜ਼ਾਜ ਬਦਲੇਗਾ ਤੇ ਜਨਵਰੀ ਦੇ ਅੰਤ ਤੇ ਫਰਵਰੀ ਦੇ ਸ਼ੁਰੂਆਤੀ ਦਿਨਾਂ ਵਿਚ ਬਰਫਬਾਰੀ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਕਾਰਨ ਲਾਹੌਲ-ਸਪਿਤੀ, ਕਿਨੌਰ, ਚੰਬਾ, ਕੁੱਲੂ, ਮੰਡੀ, ਸਿਰਮੌਰ ਅਤੇ ਸ਼ਿਮਲਾ ਜ਼ਿਲ੍ਹੇ ਦੇ ਉੱਚੇ ਖੇਤਰਾਂ, ਸ਼ਿਮਲਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਅਤੇ ਤੇਜ਼ ਮੀਂਹ ਪਵੇਗਾ। ਇਸ ਤੋਂ ਇਲਾਵਾ ਹਿਮਾਚਲ ਦੇ ਹੇਠਲੇ ਖੇਤਰਾਂ ਵਿਚ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ ਤੇ ਕਈ ਥਾਵਾਂ ’ਤੇ ਤੇਜ਼ ਮੀਂਹ ਵੀ ਪੈ ਸਕਦਾ ਹੈ। ਦੂਜੇ ਪਾਸੇ ਸ਼ਿਮਲਾ ਵਿਚ ਅੱਜ ਮੌਸਮ ਖੁਸ਼ਕ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਤੇ ਕੁਫਰੀ ਵਿਚ ਘੱਟ ਤੋਂ ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਬਰਫਬਾਰੀ ਕਾਰਨ ਸੂਬੇ ਦਾ ਘੱਟੋ ਘੱਟ ਤਾਪਮਾਨ ਹੋਰ ਡਿੱਗੇਗਾ।