ਡਾ. ਭੀਮ ਰਾਓ ਅੰਬੇਦਕਰ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਹਰ ਵਿਅਕਤੀ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਵੇ – ਐੱਸ.ਡੀ.ਐੱਮ. ਗੁਰਦਾਸਪੁਰ
ਗੁਰਦਾਸਪੁਰ, 14 ਅਪ੍ਰੈਲ
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ‘ਤੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਬਿਕਰਮਜੀਤ ਸਿੰਘ ਪੁਰੇਵਾਲ, ਡੀ.ਐੱਸ.ਪੀ. ਸ੍ਰੀ ਮੋਹਨ ਸਿੰਘ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀ ਹਿਰਦੇਪਾਲ ਸਿੰਘ, ਸੁਪਰਡੈਂਟ ਸ੍ਰੀ ਵਿਜੇ ਕੁਮਾਰ, ਸ੍ਰੀ ਪੁਰੂ ਜਰਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਾਬਾ ਸਾਹਿਬ ਦੇ ਬੁੱਤ ਉੱਪਰ ਸ਼ਰਧਾ-ਸੁਮਨ ਭੇਟ ਕੀਤੇ ਗਏ।
ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਸਾਧਾਰਨ ਪਰਿਵਾਰ ‘ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦੇ ਬਾਵਜੂਦ ਉਪ ਆਪਣੀ ਲਿਆਕਤ, ਮਿਹਨਤ ਅਤੇ ਲਗਨ ਸਦਕਾ ਇੱਕ ਉੱਘੇ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ‘ਚ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਜਰੀਏ ਸਾਰੇ ਭਾਰਤ ਵਾਸੀਆਂ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ ਅਤੇ ਸਾਨੂੰ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਉਹ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੇ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਬਿਕਰਮਜੀਤ ਸਿੰਘ ਪੁਰੇਵਾਲ ਨੇ ਕਿਹਾ ਕਿ ਪੂਰੇ ਭਾਰਤ ਨੂੰ ਡਾ. ਭੀਮ ਰਾਓ ਅੰਬੇਦਕਰ ਜੀ ‘ਤੇ ਮਾਣ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਜੀ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਤਿਆਰ ਕੀਤੇ ਸੰਵਿਧਾਨ ਵਿੱਚ ਜਿੱਥੇ ਸਾਨੂੰ ਮੌਲਿਕ ਅਧਿਕਾਰ ਦਿੱਤੇ ਗਏ ਹਨ ਓਥੇ ਸਾਡੇ ਕੁਝ ਫ਼ਰਜ ਵੀ ਤਹਿ ਕੀਤੇ ਗਏ ਹਨ ਅਤੇ ਹਰ ਭਾਰਤੀ ਨੂੰ ਆਪਣੇ ਫ਼ਰਜ਼ਾਂ ਦੀ ਅਦਾਇਗੀ ਵੀ ਜ਼ਰੂਰ ਕਰਨੀ ਚਾਹੀਦੀ ਹੈ।