ਨਵੀਂ ਦਿੱਲੀ, 1 ਜੂਨ
ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਅੱਜ ਇੱਥੇ ਹੋਈ। ਮੀਟਿੰਗ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਕੋਲ ਜਾਣਗੇ ਤੇ ਆਪਣੀਆਂ ਸ਼ਿਕਾਇਤਾਂ ਉਸ ਸਾਹਮਣੇ ਰੱਖਣਗੇ। ਇਸ ਲਈ ਗੱਠਜੋੜ ਨੇ ਐਤਵਾਰ ਦਾ ਸਮਾਂ ਮੰਗਿਆ ਹੈ।ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਨਾਲ ਸਬੰਧਤ ਰਣਨੀਤੀ ‘ਤੇ ਚਰਚਾ ਕੀਤੀ ਗਈ। ਤ੍ਰਿਣਮੂਲ ਕਾਂਗਰਸ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਮੀਟਿੰਗ ਵਿੱਚ ਸ਼ਾਮਲ ਨਹੀਂ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ 10 ਰਾਜਾਜੀ ਮਾਰਗ ’ਤੇ ਚੱਲੀ ਬੈਠਕ ‘ਚ ਖੜਗੇ, ਸੋਨੀਆ ਗਾਂਧੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਸੀਪੀ) ਦੇ ਮੁਖੀ ਸ਼ਰਦ ਪਵਾਰ, ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਸਮੇਤ ਕਈ ਹੋਰ ਨੇਤਾ ਸ਼ਾਮਲ ਹੋਏ। ਡੀਐੱਮਕੇ ਨੇਤਾ ਤੇ ਤਾਮਿਲ ਨਾਡੂ ਦੇ ਮੁੱਖ ਮੰਤਰੀ ਸਟਾਲਿਨ ਵੱਲੋਂ ਟੀਆਰ ਬਾਲੂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਮੀਟਿੰਗ ਵਿੱਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਅਤੇ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਦੇ ਮੁਖੀ ਮੁਕੇਸ਼ ਸਾਹਨੀ ਵੀ ਸ਼ਾਮਲ ਸਨ।