ਜਲੰਧਰ 2 ਜੂਨ
ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਮਗਰੋਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਇਕ ਵਜੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਉਨ੍ਹਾਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ। ਉੱਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਵਾਪਸ ਲੈਣ ਬਾਰੇ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਕੀਤਾ ਗਿਆ। ਸ਼ੀਤਲ ਅੰਗੁਰਾਲ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ 3 ਜੂਨ ਨੂੰ ਸੱਦਿਆ ਗਿਆ ਹੈ ਤਾਂ ਜੋ ਉਹ ਆਪਣੇ ਪੱਤਰ ਦੀ ਪੁਸ਼ਟੀ ਕਰ ਸਕਣ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨਾਲ ਇਕੱਠਿਆਂ ਹੀ 27 ਮਾਰਚ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਸੀ। ਲੋਕ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਅੰਗੁਰਾਲ ਨੇ ਭਾਰਤੀ ਜਨਤਾ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪੇਜ ਤੋਂ ‘ਮੋਦੀ ਦਾ ਪਰਿਵਾਰ’ ਟੈਗ ਹਟਾ ਕੇ ਆਪਣੇ ਪਰਿਵਾਰ ਦੀ ਤਸਵੀਰ ਲਾ ਲਈ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਹ ਕਿਸੇ ਵੀ ਰਾਜਸੀ ਪਾਰਟੀ ਵਿੱਚ ਨਹੀਂ ਰਹਿਣਗੇ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ ਭਾਰਤੀ ਜਨਤਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਆਏ ਸਨ ਤੇ ਉਨ੍ਹਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ‘ਆਪ’ ਵੱਲੋਂ ਲੜੀਆਂ ਸਨ।