ਨਵੀਂ ਦਿੱਲੀ, 1 ਸਤੰਬਰ { ਪੰਜਾਬੀ ਅੱਖਰ } ਕਾਂਗਰਸ ਦੇ ਐੱਮਪੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਖ਼ਬਰ ਏਜੰਸੀ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਈਚਾਰੇ ਦੀ ਨੁਮਾਇੰਦਾ ਸੰਸਥਾ ਹੈ ਅਤੇ ਫ਼ਿਲਮ ਵਿਚ ਸਿੱਖ ਇਤਿਹਾਸ ਦੀ ਕੀਤੀ ਗਈ ਪੇਸ਼ਕਾਰੀ ਨੂੰ ਲਾਜ਼ਮੀ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਘੋਖ ਕੇ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੀ ਫ਼ਿਲਮ ਨੂੰ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਚੰਨੀ ਨੇ ਕਿਹਾ, ‘‘ਕੰਗਨਾ ਰਣੌਤ ਦੀ ਫ਼ਿਲਮ ਵਿਚ ਸਿੱਖ ਇਤਿਹਾਸ ਨੂੰ ਸਹੀ ਤਰੀਕੇ ਨਾਲ ਹੀ ਦਿਖਾਇਆ ਜਾਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਐੱਸਜੀਪੀਸੀ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਉਸ ਦੀ ਮਨਜ਼ੂਰੀ ਤੋਂ ਬਿਨਾਂ ਫ਼ਿਲਮ ਰਿਲੀਜ਼ ਕੀਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।’’ -ਆਈਏਐੱਨਐੱਸ