ਕੇਂਦਰ ਸਰਕਾਰ ਕਿਸਾਨਾਂ ਦੇ ਭਖਦੇ ਮਸਲਿਆਂ ਦਾ ਤੁਰੰਤ ਹੱਲ ਕਰਕੇ ਕਿਸਾਨ ਆਗੂ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ – ਜਗਰੂਪ ਸਿੰਘ ਸੇਖਵਾਂ

ਮੋਦੀ ਸਰਕਾਰ ਦਾ ਕਿਸਾਨਾਂ ਅਤੇ ਕਿਸਾਨੀ ਮੰਗਾਂ ਪ੍ਰਤੀ ਰਵਈਆ ਬੇਹੱਦ ਮਾੜਾ – ਸੇਖਵਾਂ ਜਗਰੂਪ ਸਿੰਘ ਸੇਖਵਾਂ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤਯਾਬੀ ਦੀ ਕਾਮਨਾ ਕੀਤੀ

ਗੁਰਦਾਸਪੁਰ, 21 ਦਸੰਬਰ ( ਪੰਜਾਬੀ ਅੱਖਰ / ਬਿਊਰੋ ) :- – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਖਨੌਰੀ ਹੱਦ ਵਿਖੇ ਭੁੱਖ ਹੜਤਾਲ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਭਖਦੇ ਮਸਲਿਆਂ ਦਾ ਤੁਰੰਤ ਹੱਲ ਕਰਕੇ ਕਿਸਾਨ ਆਗੂ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ `ਤੇ ਜ਼ੋਰ ਦਿੰਦਿਆਂ ਐਡਵੋਕੇਟ ਸੇਖਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਲਾਗੂ ਕਰਨਾ ਚਾਹੀਦਾ ਹੈ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ `ਤੇ ਬੈਠੇ ਹਨ, ਦੀ ਸਿਹਤ `ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ `ਤੇ ਬੈਠੇ ਹਨ, ਪਰ ਇਸ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਬੇਹੱਦ ਮਾੜਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਏਵੇਂ ਵਿਵਹਾਰ ਕਰ ਰਹੀ ਹੈ ਜਿਵੇਂ ਇਹ ਵਿਰੋਧੀ ਮੁਲਕ ਦੇ ਬਸ਼ਿੰਦੇ ਹੋਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਦੀ ਨਹੀਂ ਭੁੱਲਣਾ ਚਾਹੀਦਾ ਕਿ ਪੰਜਾਬ ਦੇ ਕਿਸਾਨਾਂ ਨੇ ਜਿੱਥੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ ਹੈ ਓਥੇ ਸਰਹੱਦਾਂ ਉੱਪਰ ਆਪਣੀਆਂ ਸ਼ਹਾਦਤਾਂ ਦੇ ਕੇ ਦੇਸ਼ ਨੂੰ ਦੁਸ਼ਮਣਾਂ ਤੋਂ ਵੀ ਬਚਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਭੁੱਖਮਰੀ ਤੋਂ ਬਾਹਰ ਕੱਢਣ ਲਈ ਪੰਜਾਬ ਨੂੰ ਪਾਣੀ ਵਰਗੇ ਆਪਣੇ ਕੁਦਰਤੀ ਸਰੋਤ ਵੀ ਗੁਵਾਉਣੇ ਪਏ ਹਨ।

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਣਾਏ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਖਤਮ ਕਰਵਾਏ। ਉਨ੍ਹਾਂ ਨੇ ਡੱਲੇਵਾਲ ਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ।

Leave a Comment

[democracy id="1"]

You May Like This