ਡੇਰਾ ਬਾਬਾ ਨਾਨਕ (ਬਟਾਲਾ), 29 ਦਸੰਬਰ ( ਪੰਜਾਬੀ ਅੱਖਰ / ਬਿਊਰੋ ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਆਪਣੇ ਦਫਤਰ ਵਿੱਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ।ਇਸ ਮੌਕੇ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਵਿਧਾਇਕ ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ ਦੇਣ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸ਼ਾਨਦਾਰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।ਵਿਧਾਇਕ ਰੰਧਾਵਾ ਨੇ ਇਤਿਹਾਸਕ ਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।






