ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਸਬੰਧੀ ਮਸਲੇ ਉਠਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਮਸਲਿਆਂ ਪ੍ਰਤੀ ਹਾਮੀ ਭਰਦਿਆਂ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਗੁਰਦਾਸਪੁਰ, 7 ਜਨਵਰੀ ( ਪੰਜਾਬੀ ਅੱਖਰ / ਬਿਊਰੋ  ) :- ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸ. ਸੇਖਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਨਵੇਂ ਸਾਲ ਦੀ ਵਧਾਈ ਵੀ ਦਿੱਤੀ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਨਵੇਂ ਸਾਲ ਦੀ ਵਧਾਈ ਦੇਣ ਦੇ ਨਾਲ ਵਿਧਾਨ ਸਭਾ ਹਲਕਾ ਕਾਦੀਆਂ ਸਮੇਤ ਸਮੁੱਚੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਸ. ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਧਾਰੀਵਾਲ ਅਤੇ ਕਾਦੀਆਂ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਪ੍ਰੋਜੈਕਟਾਂ ਨੂੰ ਜਲਦ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਕਾਦੀਆਂ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ, ਨਵੀਆਂ ਚੁਣੀਆਂ ਪੰਚਾਇਤਾਂ ਨੂੰ ਗਰਾਂਟ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਉਹ ਗੁਰਦਾਸਪੁਰ-ਮੁਕੇਰੀਆਂ ਸੜਕ ਨੂੰ ਚਾਰ ਮਾਰਗੀ ਕਰਨ ਦੇ ਪ੍ਰੋਜੈਕਟ ਨੂੰ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਸੜਕੀ ਮੰਤਰਾਲੇ ਨਾਲ ਰਾਬਤਾ ਕਰਨ ਤਾਂ ਜੋ ਲੋਕਾਂ ਦੀ ਦਹਾਕਿਆਂ ਪੁਰਾਣੀ ਇਹ ਮੰਗ ਪੂਰੀ ਹੋ ਸਕੇ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੱਲਾ ਗੋਰੀਆ ਵਿੱਚ ਸੈਨਿਕ ਸਕੂਲ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਵੀ ਕੀਤੀ ਗਈ। ਇਸਦੇ ਨਾਲ ਹੀ ਨੈਂਨੇਕੋਟ ਪਿੰਡ ਦੀ ਆਈ.ਟੀ.ਆਈ. ਵਿੱਚ ਸਕਿੱਲ ਸੈਂਟਰ ਦੀ ਸਥਾਪਨਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਥਾਨਕ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਬੜੇ ਗ਼ੌਰ ਨਾਲ ਸੁਣ ਕੇ ਭਰੋਸਾ ਦਿੱਤਾ ਹੈ ਕਿ ਲੋਕਾਂ ਨਾਲ ਜੁੜੇ ਹੋਏ ਇਹ ਸਾਰੇ ਮਸਲੇ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਅਧਾਰ ‘ਤੇ ਪੂਰੇ ਕੀਤੇ ਜਾਣਗੇ ਅਤੇ ਇਸ ਸਾਲ ਇਨ੍ਹਾਂ ਉੱਪਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਪੱਖੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ।

 

Leave a Comment

[democracy id="1"]

You May Like This