ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਸਿਹਤ, ਸਿੱਖਿਆ, ਪੇਂਡੂ ਵਿਕਾਸ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਗੁਰਦਾਸਪੁਰ, 07 ਫਰਵਰੀ ( ਪੰਜਾਬੀ ਅੱਖਰ / ਬਿਊਰੋ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਆਪਣੇ ਦਫ਼ਤਰ ਵਿਖੇ ਸਿਹਤ ਵਿਭਾਗ, ਸਕੂਲ ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ ਗਿਆ।

ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸਿਹਤ ਰਾਜ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕ੍ਰਾਤੀਕਾਰੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਜਿੱਥੇ ਮਰੀਜਾਂ ਦੇ ਮੁਫ਼ਤ ਟੈਸਟ ਅਤੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਤੇ ਬਾਕੀ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਦੇ ਮੁਫ਼ਤ ਇਲਾਜ ਦੀ ਸਹੂਲਤ ਵੀ ਉਪਲੱਬਧ ਹੈ ਇਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਇਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਸਰਕਾਰੀ ਸਕੂਲ ਹੁਣ ਕਿਸੇ ਨਿੱਜੀ ਸਕੂਲ ਤੋਂ ਘੱਟ ਨਹੀਂ ਹਨ, ਇਸ ਲਈ ਨਵੇਂ ਵਿਦਿਅਕ ਸ਼ੈਸਨ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਦਾ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਦਾਖਲੇ ਸਬੰਧੀ ਇੱਕ ਵਿਸ਼ੇਸ਼ ਮੁਹਿੰਮ ਵੀ ਅਰੰਭੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ।

ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਵੀਆਂ ਪੰਚਾਇਤਾਂ ਬਣ ਗਈਆਂ ਹਨ ਅਤੇ ਪੰਚਾਇਤਾਂ ਦੇ ਮਤਿਆਂ ਅਨੁਸਾਰ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪੇਂਡੂ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ. ਸੇਖਵਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਪਨਿਆੜ ਸ਼ੂਗਰ ਮਿੱਲ ਦੇ ਚੱਲ ਰਹੇ ਅਪਗਰੇਡ ਪ੍ਰੋਜੈਕਟ ਦੀ ਵੀ ਜਾਣਕਾਰੀ ਹਾਸਲ ਕੀਤੀ।

Leave a Comment

[democracy id="1"]

You May Like This