Code Of Ethics

Download app

Subscribe To Print Edition

ਕਰਤਾਰਪੁਰ ਲਾਂਘਾ ਖੁੱਲ੍ਹਾ ਪਰ ਸ਼ਰਧਾਲੂਆਂ ਦੀ ਗਿਣਤੀ ਘਟੀ

ਗੁਰਦੁਆਰੇ ਜਾਣ ਲਈ 450 ਸ਼ਰਧਾਲੂਆਂ ਨੂੰ ਮਿਲੀ ਪ੍ਰਵਾਨਗੀ ਪਰ ਮੱਥਾ 308 ਨੇ ਟੇਕਿਆ

ਡੇਰਾ ਬਾਬਾ ਨਾਨਕ, 25 ਅਪਰੈਲ :- ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਵਧੀ ਕੁੜੱਤਣ ਦੇ ਬਾਵਜੂਦ ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਾ ਰਿਹਾ ਪਰ ਉਧਰ ਜਾਣ ਵਾਲੇ ਸ਼ਰਧਾਲੂਆਂ ਵਿੱਚ ਦੀ ਗਿਣਤੀ ’ਚ ਕਾਫੀ ਗਿਰਾਵਟ ਨਜ਼ਰ ਆਈ। ਜਾਣਕਾਰੀ ਅਨੁਸਾਰ ਸਰਕਾਰ ਨੇ 450 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਦਿੱਤੀ ਸੀ ਪਰ ਇਨ੍ਹਾਂ ’ਚੋਂ ਸਿਰਫ 308 ਸ਼ਰਧਾਲੂ ਹੀ ਮੱਥਾ ਟੇਕਣ ਗਏ। ਜ਼ਿਕਰਯੋਗ ਹੈ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਦਿਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਹਨ ਅਤੇ ਲੋਕਾਂ ਨੂੰ ਡਰ ਹੈ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਵੀ ਅਸਥਾਈ ਤੌਰ ’ਤੇ ਬੰਦ ਕੀਤਾ ਜਾ ਸਕਦਾ ਹੈ। ਸ਼ਰਧਾਲੂਆਂ ਨੇ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੁੱਲ੍ਹਾ ਰਹਿਣ ਦੇਣ ਦੀ ਮੰਗ ਕੀਤੀ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੱਕ ਸ਼ਰਧਾਲੂ ਨੇ ਕਿਹਾ ਕਿ ਲਾਂਘਾ ਸ਼ਰਧਾਲੂਆਂ ਲਈ ਖੁੱਲ੍ਹਾ ਰਹਿਣਾ ਚਾਹੀਦਾ ਹੈ। ਇੱਕ ਮਹਿਲਾ ਸ਼ਰਧਾਲੂ ਨੇ ਵੀ ਲਾਂਘਾ ਖੁੱਲ੍ਹਾ ਰੱਖਣ ਦੀ ਹਮਾਇਤ ਕੀਤੀ। ਉਨ੍ਹਾਂ ਪਹਿਲਗਾਮ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਕਰਤਾਰਪੁਰ ਲਾਂਘੇ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂ ਇਜਾਜ਼ਤ ਲੈਣ ਮਗਰੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਦੋਵਾਂ ਦੇਸ਼ਾਂ ’ਚ ਵਧੀ ਕੁੜੱਤਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਹੋਰ ਕੁਝ ਦੱਸਣ ਤੋਂ ਇਨਕਾਰ ਕਰ ਦਿੱਤਾ।

Advertisment