Code Of Ethics

Download app

Subscribe To Print Edition

ਭਾਜਪਾ ਤੇ ਆਰ ਐੱਸ ਐੱਸ ਦਾ ਵਿਰੋਧ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ

ਪੰਜਾਬ ਯੂਨੀਵਰਸਿਟੀ ਵਿੱਚ ਕਈ ਵਿਦਿਆਰਥੀ ਹਿਰਾਸਤ ’ਚ ਲਏ; ਖਿੱਚ-ਧੂਹ ਦੌਰਾਨ ਪੱਗਾਂ ਲੱਥੀਆਂ; ਵਿਰੋਧ ਦੇ ਬਾਵਜੂਦ ਸੈਮੀਨਾਰ ਰੱਦ ਨਾ ਕਰਨ ਦਾ ਦੋਸ਼

featured-img

ਇੱਥੇ ਪੰਜਾਬ ਯੂਨੀਵਰਸਿਟੀ ਵਿੱਚ ਅੱਜ ਸੈਮੀਨਾਰ ਦੌਰਾਨ ਭਾਜਪਾ ਅਤੇ ਆਰ ਐੱਸ ਐੱਸ ਦੇ ਪ੍ਰਚਾਰਕਾਂ ਦਾ ਵਿਰੋਧ ਕਰ ਰਹੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਤੇ ਪੁਲੀਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਅਤੇ ਖਿੱਚ-ਧੂਹ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਆਗੂ ਅਤੇ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਅਸ਼ਮੀਤ ਸਿੰਘ ਮੁਤਾਬਕ ਲਾਅ ਆਡੀਟੋਰੀਅਮ ਵਿੱਚ ‘ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਪੰਜ ਪਿਆਰੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਮੁੱਖ ਬੁਲਾਰੇ ਵਜੋਂ ਆਰ ਐੱਸ ਐੱਸ ਦੇ ਬਨਵੀਰ ਸਿੰਘ ਅਤੇ ਭਾਜਪਾ ਦੇ ਇਕਬਾਲ ਸਿੰਘ ਲਾਲਪੁਰਾ ਨੂੰ ਸੱਦਿਆ ਗਿਆ ਸੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਇਹ ਬੁਲਾਰੇ ਸਿੱਖ ਧਰਮ ਬਾਰੇ ਗਲਤ ਟਿੱਪਣੀਆਂ ਕਰਦੇ ਹਨ ਅਤੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਦੇ ਹਨ। ਇਸ ਸਬੰਧੀ ਦੋ ਦਿਨ ਪਹਿਲਾਂ ਡੀਨ ਵਿਦਿਆਰਥੀ ਭਲਾਈ ਨੂੰ ਵਿਰੋਧ ਪੱਤਰ ਵੀ ਦਿੱਤਾ ਗਿਆ ਸੀ, ਪਰ ਪ੍ਰਸ਼ਾਸਨ ਨੇ ਪ੍ਰੋਗਰਾਮ ਰੱਦ ਨਹੀਂ ਕੀਤਾ। ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋਫੈਸਰ ਰੇਨੂ ਵਿੱਗ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਪੀ ਐੱਸ ਯੂ (ਲਲਕਾਰ) ਤੋਂ ਜੋਬਨ ਸਿੰਘ, ਐੱਸ ਐੱਫ ਐੱਸ ਤੋਂ ਸੰਦੀਪ ਅਤੇ ਅਸ਼ਮੀਤ ਸਿੰਘ ਨੇ ਦੱਸਿਆ ਕਿ ਜਦੋਂ ਵਿਦਿਆਰਥੀ ਵਿਰੋਧ ਲਈ ਇਕੱਠੇ ਹੋਏ ਤਾਂ ਡੀ ਐੱਸ ਪੀ ਦੀ ਅਗਵਾਈ ਹੇਠ ਸੈਂਕੜੇ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਪੁਲੀਸ ਨੇ ਬਿਨਾਂ ਪੁੱਛਗਿੱਛ ਤੋਂ ਵਿਦਿਆਰਥੀਆਂ ਨੂੰ ਜ਼ਬਰਦਸਤੀ ਵੈਨਾਂ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਇਸ ਧੱਕਾ-ਮੁੱਕੀ ਦੌਰਾਨ ਕਈ ਵਿਦਿਆਰਥੀਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਉਨ੍ਹਾਂ ਦੇ ਸੱਟਾਂ ਵੀ ਲੱਗੀਆਂ। ਆਗੂਆਂ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਅਦਾਰੇ ਨੂੰ ਆਰ ਐੱਸ ਐੱਸ ਦਾ ਬੌਧਿਕ ਅੱਡਾ ਬਣਾਉਣਾ ਚਾਹੁੰਦਾ ਹੈ, ਜਿਸ ਨੂੰ ਇਨਸਾਫ਼ਪਸੰਦ ਵਿਦਿਆਰਥੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਰ ਐੱਸ ਐੱਸ ਦੀ ਵਿਚਾਰਧਾਰਾ ਘੱਟ ਗਿਣਤੀਆਂ, ਦਲਿਤਾਂ ਅਤੇ ਔਰਤਾਂ ਨਾਲ ਵਿਤਕਰੇ ਵਾਲੀ ਹੈ। ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ 10 ਮਾਰਚ ਨੂੰ ਪ੍ਰੈਸ ਕਾਨਫਰੰਸ ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਦੀ ਜਥੇਦਾਰ ਵੱਲੋਂ ਨਿਖੇਧੀ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਨਾਲ ਹੋਈ ਧੱਕੇਸ਼ਾਹੀ ਅਤੇ ਪੁਲੀਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਸੈਮੀਨਾਰ ਬਾਰੇ ਜੇ ਵਿਦਿਆਰਥੀਆਂ ਨੂੰ ਕੋਈ ਇਤਰਾਜ਼ ਸੀ, ਤਾਂ ਪ੍ਰਸ਼ਾਸਨ ਦਾ ਮੁੱਢਲਾ ਫਰਜ਼ ਸੀ ਕਿ ਜਬਰ ਦੀ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਦੀ ਗੱਲ ਸੁਣੀ ਜਾਂਦੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨਾ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਆਵਾਜ਼ ਜਬਰ ਨਾਲ ਦਬਾਈ ਨਹੀਂ ਜਾ ਸਕਦੀ। ਸਿੱਖ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਇਸ ਨੂੰ ਸ਼ਰਮਨਾਕ ਘਟਨਾ ਕਰਾਰ ਦਿੱਤਾ ਹੈ।

ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨਾ ਨਿੰਦਣਯੋਗ: ਧਾਮੀ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਦਸਤਾਰਾਂ ਉਤਾਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ੍ਰੀ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਹਿੱਸਾ ਹੈ। ਪੁਲੀਸ ਵੱਲੋਂ ਬਲ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨਾ ਸਿੱਖ ਭਾਵਨਾਵਾਂ ਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ। ਵਿਦਿਆਰਥੀਆਂ ਨੂੰ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ ਦਾ ਹੱਕ ਹੈ, ਜਿਸ ’ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ।

ਅਕਾਲੀ ਦਲ ਨੇ ਨਿਖੇਧੀ ਕੀਤੀ

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਪ੍ਰੋਗਰਾਮ ਕਰਨ ਦਾ ਫ਼ੈਸਲਾ ਕੀਤਾ, ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ, ਜੋ ਨਿੰਦਣਯੋਗ ਹੈ।

Advertisment