Code Of Ethics

Download app

Subscribe To Print Edition

ਵਿਧਾਨ ਸਭਾ ਦੇ ਬਾਹਰ ‘ਆਪ’ ਤੇ ਕਾਂਗਰਸੀ ਵਿਧਾਇਕ ਹੋਏ ਆਹਮੋ-ਸਾਹਮਣੇ

ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਇੱਕ-ਦੂਜੇ ’ਤੇ ਸਿਆਸੀ ਹੱਲੇ ਬੋਲੇ

featured-img

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਦੌਰਾਨ ਵਿਧਾਨ ਸਭਾ ਦੇ ਵੀ ਆਈ ਪੀ ਲਾਂਜ ਵਿੱਚ ‘ਆਪ’ ਅਤੇ ਕਾਂਗਰਸ ਦੇ ਵਿਧਾਇਕ ਇੱਕ-ਦੂਜੇ ਦੇ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦਿੱਤੇ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਇੱਕ-ਦੂਜੇ ’ਤੇ ਦੋਸ਼ ਲਾਏ। ‘ਆਪ’ ਵਿਧਾਇਕਾਂ ਨੇ ਕਾਂਗਰਸ ਵੱਲੋਂ ਸੱਤਾ ਦੌਰਾਨ ਕੁਝ ਨਾ ਕਰਨ ਦੇ ਦੋਸ਼ ਲਗਾਏ ਜਦੋਂਕਿ ਕਾਂਗਰਸ ਨੇ ਸੱਤਾਧਾਰੀ ਧਿਰ ’ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੇ ਦੋਸ਼ ਲਗਾਏ।

ਜਾਣਕਾਰੀ ਅਨੁਸਾਰ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕ ਵਾਕਆਊਟ ਕਰ ਗਏ। ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਸੱਤਾਧਾਰੀ ਧਿਰ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਪੱਤਰਕਾਰਾਂ ਨਾਲ ਉੱਚੀ-ਉੱਚੀ ਆਵਾਜ਼ ਵਿੱਚ ਗੱਲ ਕਰਨ ਲੱਗ ਪਏ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਵਿੱਚ ਟਕਰਾਅ ਦੀ ਸਥਿਤੀ ਬਣ ਗਈ। ‘ਆਪ’ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਾਰਟੀ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਾਂਗਰਸ ਦਾ ਵਿਰੋਧ ਕਰ ਰਹੇ ਸਨ। ਦੂਜੇ ਪਾਸੇ, ਕਾਂਗਰਸੀ ਵਿਧਾਇਕ ਬਰਿੰਦਰ ਮੀਤ ਪਾਹੜਾ, ਹਰਦੇਵ ਸਿੰਘ ਲਾਡੀ ਤੇ ਸੁਖਵਿੰਦਰ ਕੋਟਲੀ ਨੇ ਵੀ ਕੁਲਦੀਪ ਧਾਲੀਵਾਲ ਨਾਲ ਬਹਿਸ ਕਰਦਿਆਂ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ।

ਵਿਧਾਇਕ ਲਾਡੀ ਅਤੇ ਕੋਟਲੀ ਨੇ ਸੂਬੇ ਵਿੱਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਮਾਮਲੇ ’ਤੇ ਕੁਲਦੀਪ ਧਾਲੀਵਾਲ ਦਾ ਵਿਰੋਧ ਕੀਤਾ। ਉੱਧਰ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ‘ਆਪ’ ਜਾਣਬੁੱਝ ਕੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਆਵਾਜ਼ ਦਬਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿਰੋਧੀ ਧਿਰ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਬੋਲਣ ਨਹੀਂ ਦੇ ਰਹੀ ਹੈ।

ਕਾਂਗਰਸ ਦੇ ਸੀਨੀਅਰ ਆਗੂ ਤ੍ਰਿਪਤ ਰਾਜਿੰਦਰ ਬਾਜਵਾ, ਰਾਣਾ ਗੁਰਜੀਤ ਅਤੇ ਅਰੁਣਾ ਚੌਧਰੀ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿੱਚ ਖ਼ੁਸ਼ੀ ਮਨਾਉਣ ਲਈ ਕੁਝ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਕੁਝ ਨਹੀਂ ਦਿੱਤਾ ਅਤੇ ਨਾ ਹੀ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਡੀ ਏ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ’ਤੇ ਲਾਠੀਚਾਰਜ ਕਰ ਕੇ ਆਵਾਜ਼ ਦਬਾ ਰਹੀ ਹੈ।

Advertisment

You May Like This