ਬੀ ਐੱਸ ਐੱਫ ਅਤੇ ਪੰਜਾਬ ਪੁਲੀਸ ਨੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀ ਰੋਕੇ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਖੋਲ੍ਹਣ ਅਤੇ ਦੁਵੱਲਾ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅਟਾਰੀ ਸਰਹੱਦ ’ਤੇ ਰੈਲੀ ਕੀਤੀ। ਪ੍ਰਸ਼ਾਸਨ ਕੋਲੋਂ ਰੈਲੀ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਪਾਰਟੀ ਵਰਕਰਾਂ ਨੇ ਸੜਕ ’ਤੇ ਹੀ ਇਕੱਠ ਕੀਤਾ। ਜਦੋਂ ਪਾਰਟੀ ਦੇ ਵਰਕਰਾਂ ਅਤੇ ਮੈਂਬਰਾਂ ਨੇ ਸਰਹੱਦ ਵੱਲ ਕੂਚ ਕੀਤਾ ਤਾਂ ਉੱਥੇ ਤਾਇਨਾਤ ਬੀ ਐੱਸ ਐੱਫ ਅਤੇ ਪੰਜਾਬ ਪੁਲੀਸ ਨੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਮਗਰੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਾਂ ਕੋਲ ਖੜ੍ਹੇ ਹੋ ਕੇ ਹੀ ਲਾਂਘਾ ਖੋਲ੍ਹਣ, ਦੁਵੱਲਾ ਵਪਾਰ ਬਹਾਲ ਕਰਨ, ਆਪਸੀ ਆਵਾਜਾਈ ਸ਼ੁਰੂ ਕਰਨ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਰਦਾਸ ਕੀਤੀ। ਇਸ ਮੌਕੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਹੋਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਖੁੱਲ੍ਹਣ ਅਤੇ ਦੁਵੱਲਾ ਵਪਾਰ ਮੁੜ ਸ਼ੁਰੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਵਿੱਚ ਵੱਡਾ ਸੁਧਾਰ ਆਵੇਗਾ। ਇਸ ਦੁਵੱਲੇ ਵਪਾਰ ਸਦਕਾ ਪੰਜਾਬ ਦੇ ਲੋਕ ਆਰਥਿਕ ਪੱਖੋਂ ਮਜ਼ਬੂਤ ਹੋਣਗੇ ਅਤੇ ਦੇਸ਼ ਦੇ ਕੁੱਲ ਘਰੇਲੂ ਉਤਪਾਦ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਸਰਹੱਦ ’ਤੇ ਖੜ੍ਹ ਕੇ ਜੰਗ ਰੋਕਣ ਅਤੇ ਸਰਹੱਦ ਖੋਲ੍ਹਣ ਦੀ ਅਪੀਲ ਕੀਤੀ। ਇਸ ਮੌਕੇ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਵੀ ਸੰਬੋਧਨ ਕੀਤਾ।





















