Code Of Ethics

Download app

Subscribe To Print Edition

Kartarpur Sahib Corridor: ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ

Kartarpur Sahib Corridor: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਸਿੱਖ ਸ਼ਰਧਾਲੂ ਸਿੱਖ ਕੌਮ ਦੇ ਸਭ ਤੋਂ ਪਵਿੱਤਰ ਮੌਕਿਆਂ ਵਿੱਚੋਂ ਇੱਕ ‘ਤੇ ਪਾਕਿਸਤਾਨ ਸਥਿਤ ਇਤਿਹਾਸਕ…

featured-img

Kartarpur Sahib Corridor: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਸਿੱਖ ਸ਼ਰਧਾਲੂ ਸਿੱਖ ਕੌਮ ਦੇ ਸਭ ਤੋਂ ਪਵਿੱਤਰ ਮੌਕਿਆਂ ਵਿੱਚੋਂ ਇੱਕ ‘ਤੇ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਅਸਥਾਨ – ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ। ਕਰਤਾਰਪੁਰ ਸਾਹਿਬ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਅਸਥਾਨ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟੈਂਡ ਸ਼ੁਰੂ ਤੋਂ ਹੀ ਬਿਲਕੁਲ ਸਪੱਸ਼ਟ ਹੈ ਕਿ ਲਾਂਘਾ ਜਲਦੀ ਤੋਂ ਜਲਦੀ ਖੋਲ੍ਹਿਆ ਜਾਣਾ ਚਾਹੀਦਾ ਹੈ। ਜੇ ਕ੍ਰਿਕਟ ਸਬੰਧ ਮੁੜ ਸ਼ੁਰੂ ਹੋ ਸਕਦੇ ਹਨ ਤਾਂ ਧਾਰਮਿਕ ਸਬੰਧ ਕਿਉਂ ਨਹੀਂ। ਸ਼੍ਰੋਮਣੀ ਕਮੇਟੀ ਨੇ 28 ਮਾਰਚ ਨੂੰ ਹੋਏ ਆਪਣੇ ਸਾਲਾਨਾ ਬਜਟ ਇਜਲਾਸ ਵਿੱਚ ਰਸਮੀ ਤੌਰ ‘ਤੇ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਰੱਖੀ ਸੀ। ਇਸ ਸੈਸ਼ਨ ਵਿੱਚ ਕਮੇਟੀ ਨੇ ਸਰਕਾਰ ਨੂੰ ਧਾਰਮਿਕ ਤੀਰਥ ਯਾਤਰਾ ਨੂੰ ਸਿਆਸੀ ਟਕਰਾਵਾਂ ਤੋਂ ਵੱਖ ਰੱਖਣ ਦਾ ਸੁਝਾਅ ਵੀ ਦਿੱਤਾ ਸੀ।

ਐੱਸ ਜੀ ਪੀ ਸੀ ਨੇ ਆਪਣੇ ਬਜਟ ਇਜਲਾਸ ਵਿੱਚ ਇੱਕ ਮਤਾ ਵੀ ਪਾਸ ਕੀਤਾ ਜਿਸ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਲਾਂਘੇ ਦੇ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਲਗਪਗ 4.6 ਕਿਲੋਮੀਟਰ ਲੰਬਾ ਇਹ ਲਾਂਘਾ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ (ਜਿਸ ਨੂੰ ਦਰਬਾਰ ਸਾਹਿਬ ਵਜੋਂ ਵੀ ਜਾਣਿਆ ਜਾਂਦਾ ਹੈ) ਨੂੰ ਭਾਰਤ ਦੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSMC) ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਨੇ ਦੱਸਿਆ ਕਿ ਦਿੱਲੀ ਸਥਿਤ ਸਿੱਖ ਸੰਸਥਾ ਨੇ ਹਾਲ ਹੀ ਵਿੱਚ ਨਰਿੰਦਰ ਮੋਦੀ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਮੁੜ ਖੋਲ੍ਹਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਤਰਕ ਦਿੱਤਾ ਕਿ 14 ਅਪਰੈਲ ਨੂੰ ਇਸ ਵਿਸਾਖੀ ‘ਤੇ ਸੀਮਤ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਇਜਾਜ਼ਤ ਦੇ ਕੇ ਲਾਂਘਾ ਖੋਲ੍ਹਿਆ ਜਾ ਸਕਦਾ ਹੈ। ਸੀਮਤ ਸ਼ਰਧਾਲੂਆਂ ਲਈ ਲਾਂਘਾ ਖੋਲ੍ਹਣਾ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਲਈ ਸੰਭਾਲਣਾ ਸੁਖਾਲਾ ਹੋਵੇਗਾ।

22 ਅਪਰੈਲ 2025 ਨੂੰ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਚਿੰਤਾਵਾਂ ਕਾਰਨ ਮਈ 2025 ਵਿੱਚ ਭਾਰਤ ਵਾਲੇ ਪਾਸੇ ਤੋਂ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਜਦੋਂ ਕਿ ਰਿਪੋਰਟਾਂ ਦੱਸਦੀਆਂ ਹਨ ਕਿ ਪਾਕਿਸਤਾਨ ਨੇ ਆਪਣਾ ਪਾਸਾ ਖੁੱਲ੍ਹਾ ਰੱਖਿਆ ਹੈ, ਪਰ ਭਾਰਤੀ ਪਾਸੇ ਤੋਂ ਮੁਸਾਫ਼ਰਾਂ ਲਈ ਇਹ ਲਾਂਘਾ ਬੰਦ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਸਮੇਤ ਕਈ ਸਿੱਖ ਜਥੇਬੰਦੀਆਂ ਲਾਂਘਾ ਖੋਲ੍ਹਣ ਲਈ ਮੰਗ ਕਰਦੀਆਂ ਆ ਰਹੀਆਂ ਹਨ।

Advertisment