ਪੰਜਾਬ ‘ਚ ਭਾਜਪਾ ਦਾ ਜ਼ਮੀਨੀ ਆਧਾਰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ
ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੰਗਲਵਾਰ ਨੂੰ ਇੱਥੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨਾਲ ਮੁਲਾਕਾਤ ਕੀਤੀ।
ਭਾਜਪਾ ਆਗੂ ਪਰਨੀਤ ਕੌਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਟਿਆਲਾ ਸੰਸਦੀ ਹਲਕੇ ਨਾਲ ਸਬੰਧਤ ਵਿਭਿੰਨ ਸਿਆਸੀ ਅਤੇ ਵਿਕਾਸ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਆਪਣੇ ਵਿਧਾਨ ਸਭਾ ਹਲਕਿਆਂ ਸਨੌਰ ਅਤੇ ਸਮਾਣਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ, ਜਨਤਕ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹਲਕਿਆਂ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਸਬੰਧਤ ਮੁੱਦਿਆਂ ‘ਤੇ ਵੇਰਵੇ ਸਹਿਤ ਚਰਚਾ ਕੀਤੀ ਗਈ।
ਇਸ ਮੁਲਾਕਾਤ ਵਿੱਚ ਪੰਜਾਬ ਵਿੱਚ ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ,ਇਸ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਦਾ ਵਿਸਥਾਰ ਕਰਨ ਅਤੇ ਸੂਬੇ ਵਿੱਚ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਭਵਿੱਖ ਦੀ ਰਣਨੀਤੀ ਉਲੀਕਣ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।
ਪਠਾਨਮਾਜਰਾ ਨੇ ਕਿਹਾ ਕਿ ਉਹ ਪਰਨੀਤ ਕੌਰ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਵਿਆਪਕ ਸਿਆਸੀ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੀ ਇੱਕ ਸੀਨੀਅਰ ਆਗੂ ਮੰਨਦੇ ਹਨ।
ਉਨ੍ਹਾਂ ਅੱਗੇ ਕਿਹਾ,“ਉਨ੍ਹਾਂ ਦੇ ਵਿਆਪਕ ਤਜ਼ਰਬੇ ਅਤੇ ਖੇਤਰ ਦੀ ਸਮਝ ਨੂੰ ਦੇਖਦੇ ਹੋਏ,ਅਸੀਂ ਉਨ੍ਹਾਂ ਨੂੰ ਮਿਲਣਾ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਲੈਣਾ ਮਹੱਤਵਪੂਰਨ ਸਮਝਿਆ। ਉਨ੍ਹਾਂ ਦਾ ਤਜ਼ਰਬਾ ਸਥਾਨਕ ਮੁੱਦਿਆਂ ਨੂੰ ਸਮਝਣ ਅਤੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਕੀਮਤੀ ਸਾਬਤ ਹੋ ਸਕਦਾ ਹੈ।”
ਜ਼ਿਕਰਯੋਗ ਹੈ ਕਿ ਜੋੜਾਮਾਜਰਾ ਅਤੇ ਪਠਾਨਮਾਜਰਾ ਹਾਲ ਹੀ ਵਿੱਚ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਕ੍ਰਮਵਾਰ ਸਮਾਣਾ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਪੀ.ਟੀ.ਆਈ.





















