ਭਾਈਚਾਰੇ ਦੇ ਆਗੂਆਂ ਨੇ ਜ਼ਖ਼ਮੀ ਪੁਲਿਸ ਅਧਿਕਾਰੀ ਤੋਂ ਮੰਗੀ ਮੁਆਫ਼ੀ, ਹੁੱਲੜਬਾਜ਼ੀ ਦੀ ਕੀਤੀ ਨਿਖੇਧੀ ਅਤੇ ਪਰਵਾਸੀ ਭਾਈਚਾਰੇ ਦੇ ਅਕਸ ਨੂੰ ਨੁਕਸਾਨ ਪੁੱਜਣ ਦੀ ਚਿਤਾਵਨੀ
ਨਿਊਯਾਰਕ ਦੇ ਰਿਚਮੰਡ ਹਿੱਲ ਸਥਿਤ ਸਿੱਖ ਕਲਚਰਲ ਸੁਸਾਇਟੀ ਗੁਰਦੁਆਰੇ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਜਸ਼ਨ ਉਸ ਸਮੇਂ ਸਵਾਲਾਂ ਦੇ ਘੇਰੇ ਵਿੱਚ ਆ ਗਏ, ਜਦੋਂ ਉੱਥੇ ਕਥਿਤ ਤੌਰ ‘ਤੇ ਗ਼ੈਰ-ਕਾਨੂੰਨੀ ਆਤਿਸ਼ਬਾਜ਼ੀ ਕੀਤੀ ਗਈ। ਇਸ ਮੌਕੇ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੁਝ ਨੌਜਵਾਨਾਂ ਕੋਲੋਂ ਗ਼ੈਰ-ਕਾਨੂੰਨੀ ਹਥਿਆਰ ਵੀ ਬਰਾਮਦ ਹੋਣ ਦੀ ਖ਼ਬਰ ਹੈ। ਇਸ ਘਟਨਾ ਦੌਰਾਨ ਇੱਕ ਪੁਲੀਸ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ।
ਯੂਨਾਈਟਿਡ ਕਿੰਗਡਮ (ਯੂ.ਕੇ.), ਕੈਨੇਡਾ ਅਤੇ ਅਮਰੀਕਾ ਵਿੱਚ ਦੀਵਾਲੀ ਦੇ ਜਸ਼ਨਾਂ ਤੋਂ ਬਾਅਦ ਮੰਦਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਕੀਤੀ ਗਈ ਆਤਿਸ਼ਬਾਜ਼ੀ ਅਤੇ ਉਸ ਕਾਰਨ ਖਿੱਲਰੇ ਕੂੜੇ-ਕਰਕਟ ਦੀ ਘਟਨਾ ‘ਤੇ ਭਾਈਚਾਰੇ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।
ਹਿੰਸਾ ਅਤੇ ਕਾਨੂੰਨ ਦੀ ਉਲੰਘਣਾ ਦੀ ਨਿਖੇਧੀ ਕਰਦਿਆਂ ਸਿੱਖ ਕਲਚਰਲ ਸੁਸਾਇਟੀ ਇੰਕ, ਰਿਚਮੰਡ ਹਿੱਲ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਰਿਚਮੰਡ ਵਿੱਚ ਵਾਪਰੀ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਪੁਲੀਸ ਅਧਿਕਾਰੀ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ।
ਉਨ੍ਹਾਂ ਕਿਹਾ ਕਿ ਇਸ ਮੌਕੇ ਹਜ਼ਾਰਾਂ ਸ਼ਰਧਾਲੂ ਮੱਥਾ ਟੇਕਣ ਲਈ ਗੁਰਦੁਆਰੇ ਆਏ ਸਨ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਜਸ਼ਨਾਂ ਵਿੱਚ ਵਿਘਨ ਪਾਇਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸ਼ਾਸਨ ਨਾਲ ਇਹ ਸਮਝੌਤਾ ਕੀਤਾ ਸੀ ਕਿ ਆਤਿਸ਼ਬਾਜ਼ੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ, ਪਰ ਕੁਝ ਨੌਜਵਾਨਾਂ ਨੇ ਜਾਣਬੁੱਝ ਕੇ ਪਾਬੰਦੀਆਂ ਦੀ ਉਲੰਘਣਾ ਕੀਤੀ।
ਉਨ੍ਹਾਂ ਕਿਹਾ, “ਜੇਕਰ ਇਹ ਘਟਨਾ ਭਾਰਤ ਵਿੱਚ ਵਾਪਰੀ ਹੁੰਦੀ, ਤਾਂ ਪੁਲੀਸ ਨੇ ਮੁਲਜ਼ਮਾਂ ਨਾਲ ਸਖ਼ਤੀ ਨਾਲ ਨਜਿੱਠਣਾ ਸੀ। ਹਾਲਾਂਕਿ, ਇੱਥੇ ਪੁਲੀਸ ਨੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਥਿਤੀ ਨੂੰ ਸੰਭਾਲਿਆ,” ਅਤੇ ਇਸ ਘਟਨਾ ਤੋਂ ਬਾਅਦ ਪਰਵਾਸੀ ਭਾਈਚਾਰੇ ਨਾਲ ਸਬੰਧਤ ਪੁਲੀਸ ਮੁਲਾਜ਼ਮਾਂ ਨੂੰ ਝੱਲਣੀ ਪਈ ਸ਼ਰਮਿੰਦਗੀ ‘ਤੇ ਚਿੰਤਾ ਪ੍ਰਗਟਾਈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬੀ ਅਤੇ ਭਾਰਤੀ ਪਰਵਾਸੀ ਭਾਈਚਾਰੇ ਦੇ ਅਕਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਨਾਲ ਹੀ ਦੱਸਿਆ ਕਿ ਰਿਚਮੰਡ ਹਿੱਲ ਦੇ ਸਾਰੇ ਚਾਰ ਗੁਰਦੁਆਰਿਆਂ ਵਿੱਚ ਅਜਿਹੀ ਹੀ ਹੁੱਲੜਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਜਤਿੰਦਰ ਸਿੰਘ ਨੇ ਕਿਹਾ ਕਿ ਭਾਈਚਾਰੇ ਨੂੰ ਉਸ ਦੇਸ਼ ਦੇ ਕਾਨੂੰਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਜਿੱਥੇ ਉਹ ਰਹਿ ਰਿਹਾ ਹੈ।
ਉਨ੍ਹਾਂ ਕਿਹਾ, “ਅਸੀਂ ਭਾਵੇਂ ਇੱਥੇ ਵੱਡੀ ਗਿਣਤੀ ਵਿੱਚ ਆ ਗਏ ਹਾਂ, ਪਰ ਇਹ ਸਾਨੂੰ ਇਸ ਧਰਤੀ ਦੇ ਕਾਨੂੰਨ ਦੀ ਉਲੰਘਣਾ ਕਰਨ ਦਾ ਅਧਿਕਾਰ ਨਹੀਂ ਦਿੰਦਾ। ਮੁੱਠੀ ਭਰ ਗ਼ੈਰ-ਜ਼ਿੰਮੇਵਾਰ ਲੋਕ ਪੂਰੇ ਭਾਈਚਾਰੇ ਨੂੰ ਬਦਨਾਮ ਕਰ ਰਹੇ ਹਨ ਅਤੇ ਪਰਵਾਸੀ ਭਾਈਚਾਰੇ ਦੇ ਹੋਰ ਲੋਕਾਂ ਲਈ ਮੌਕਿਆਂ ਦੇ ਦਰਵਾਜ਼ੇ ਬੰਦ ਕਰ ਸਕਦੇ ਹਨ।”
ਕੁਝ ਨੌਜਵਾਨਾਂ ਦੇ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਜਦੋਂ ਉਹ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਤਾਂ ਇੱਕ ਨੌਜਵਾਨ ਨੇ ਆਪਣੇ ਮੋਟਰਸਾਈਕਲ ਦੀ ਉੱਚੀ ਆਵਾਜ਼ ਕੱਢੀ ਅਤੇ ਤੇਜ਼ ਰਫ਼ਤਾਰ ਨਾਲ ਉੱਥੋਂ ਲੰਘਿਆ।
ਉਨ੍ਹਾਂ ਟਿੱਪਣੀ ਕਰਦਿਆਂ ਕਿਹਾ, “ਤੁਸੀਂ ਦੇਖ ਸਕਦੇ ਹੋ ਕਿ ਇਹ ਨੌਜਵਾਨ ਪੀੜ੍ਹੀ ਸਾਡੀਆਂ ਬੇਨਤੀਆਂ ਵੱਲ ਕਿੰਨਾ ਕੁ ਧਿਆਨ ਦਿੰਦੀ ਹੈ,” ਅਤੇ ਅੱਗੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਦੇ ਫੜੇ ਗਏ ਲੋਕ ਅਕਸਰ ਭਾਈਚਾਰੇ ਦੇ ਆਗੂਆਂ ਕੋਲ ਦਖ਼ਲਅੰਦਾਜ਼ੀ ਦੀ ਮੰਗ ਲੈ ਕੇ ਪਹੁੰਚਦੇ ਹਨ।
ਉਨ੍ਹਾਂ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਨਗਰ ਕੀਰਤਨ ਦੌਰਾਨ ਹੋਈ ਗੋਲੀਬਾਰੀ ਅਤੇ ਤਲਵਾਰਬਾਜ਼ੀ ਦੀਆਂ ਘਟਨਾਵਾਂ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਈਚਾਰੇ ਦੀ ਸਾਖ਼ ਨੂੰ ਹੋਰ ਨੁਕਸਾਨ ਪਹੁੰਚਾਉਂਦੀਆਂ ਹਨ।
ਜਤਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਕੁਝ ਵਿਅਕਤੀਆਂ ਦੇ ਗ਼ੈਰ-ਜ਼ਿੰਮੇਵਾਰਾਨਾ ਵਿਵਹਾਰ ਦੀ ਭਾਈਚਾਰੇ ਨੂੰ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਆਤਿਸ਼ਬਾਜ਼ੀ ‘ਤੇ ਪਾਬੰਦੀ ਸੀ, ਤਾਂ ਨੌਜਵਾਨਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਬਜਾਏ ਪਾਬੰਦੀਆਂ ਦਾ ਸਤਿਕਾਰ ਕਰਨਾ ਚਾਹੀਦਾ ਸੀ।
ਇਸ ਘਟਨਾ ਨੇ ਅਮਰੀਕਾ ਅਤੇ ਕੈਨੇਡਾ ਦੇ ਕੁਝ ਹਿੱਸਿਆਂ ਵਿੱਚ ਦੀਵਾਲੀ ਦੇ ਜਸ਼ਨਾਂ ਦੌਰਾਨ ਗ਼ੈਰ-ਕਾਨੂੰਨੀ ਆਤਿਸ਼ਬਾਜ਼ੀ ਦੀ ਵਰਤੋਂ ਅਤੇ ਕਥਿਤ ਹੁੱਲੜਬਾਜ਼ੀ ਨੂੰ ਲੈ ਕੇ ਚਿੰਤਾਵਾਂ ਮੁੜ ਵਧਾ ਦਿੱਤੀਆਂ ਹਨ, ਜਿਸ ਦੇ ਨਾਲ ਹੀ ਸੁਰੱਖਿਆ ਨਿਯਮਾਂ ਅਤੇ ਜਨਤਕ ਵਿਵਸਥਾ ਦੀਆਂ ਪਾਬੰਦੀਆਂ ਦੀ ਪਾਲਣਾ ‘ਤੇ ਵੀ ਸਵਾਲ ਉੱਠ ਰਹੇ ਹਨ।




















