Code Of Ethics

Download app

Subscribe To Print Edition

Punjab BJP Elections: ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ: ਪਾਟਿਲ

ਕੇਂਦਰੀ ਮੰਤਰੀ ਨੇ ਅਕਾਲੀ ਦਲ ਨਾਲ ਗੱਠਜੋੜ ਬਾਰੇ ਕੋਈ ਜਾਣਕਾਰੀ ਹੋਣ ਤੋਂ ਕੀਤਾ ਇਨਕਾਰ; ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ

featured-img

Punjab BJP Elections: ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਸੀ ਆਰ ਪਾਟਿਲ ਨੇ ਅੱਜ ਕਿਹਾ ਕਿ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਗੱਠਜੋੜ ਬਾਰੇ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਕਰਨਾ ਹੈ ਅਤੇ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।

ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਟਿਲ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ, “ਜਿਵੇਂ ਹੋਰਨਾਂ ਸੂਬਿਆਂ ਵਿੱਚ ਭਾਜਪਾ ਜਿੱਤ ਰਹੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵਿਧਾਨ ਸਭਾ ਚੋਣਾਂ ਜਿੱਤੇਗੀ। ਮੇਰੇ ਅਨੁਸਾਰ ਪੰਜਾਬ ਦੀ ਸਿਆਸੀ ਸਥਿਤੀ ਇਹੀ ਕਹਿੰਦੀ ਹੈ।”

ਸੁਖਬੀਰ ਬਾਦਲ ਨਾਲ ਮੀਟਿੰਗ ਤੋਂ ਕੀਤਾ ਇਨਕਾਰ

ਭਾਜਪਾ-ਅਕਾਲੀ ਗੱਠਜੋੜ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਫ਼ੈਸਲਾ ਕਰੇਗੀ, ਉਸ ਬਾਰੇ ਸਭ ਨੂੰ ਪਤਾ ਲੱਗ ਜਾਵੇਗਾ। ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਮੁਲਾਕਾਤ ਨਹੀਂ ਹੋਈ। ਉਨ੍ਹਾਂ ਕਿਹਾ, “ਮੈਂ ਭਾਜਪਾ ਦਾ ਇਕ ਆਮ ਵਰਕਰ ਹਾਂ। ਜੇ ਕੋਈ ਮੀਟਿੰਗ ਹੋਣੀ ਹੈ ਤਾਂ ਸਾਡੇ ਸੀਨੀਅਰ ਆਗੂ ਕਰਨਗੇ। ਮੈਂ ਇਸ ਵਿੱਚ ਸ਼ਾਮਲ ਨਹੀਂ ਹਾਂ।”

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਦਫ਼ਤਰ ਵਿੱਚ ਕੋਈ ਮੀਟਿੰਗ ਕਰਨ ਨਹੀਂ ਆਏ ਸਗੋਂ ਵਰਕਰਾਂ ਨੂੰ ਮਿਲਣ ਆਏ ਹਨ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਢਿੱਲੋਂ, ਮੀਡੀਆ ਇੰਚਾਰਜ ਵਿਨੀਤ ਜੋਸ਼ੀ ਅਤੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੌਜੂਦ ਸਨ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਉਨ੍ਹਾਂ ਨੂੰ ਦਫ਼ਤਰ ਲੈ ਕੇ ਆਏ।

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉਮੀਦ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਯਤਨਾਂ ਬਾਰੇ ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਇਸ ਨੂੰ ਖੁਲ੍ਹਵਾਉਣ ਲਈ ਯਤਨ ਕੀਤੇ ਸਨ ਅਤੇ ਉਹ ਇਸ ਵਿੱਚ ਸਫ਼ਲ ਰਹੇ ਸਨ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੜ ਯਤਨ ਕਰਨਗੇ।

ਪੰਜਾਬ ਵਿੱਚ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਕਿਹਾ ਕਿ ਉਹ ਜਨਤਕ ਰੈਲੀਆਂ ਨਹੀਂ ਕਰਦੇ, ਸਗੋਂ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਸੀਨੀਅਰ ਆਗੂਆਂ ਦੀ ਸਲਾਹ ਅਨੁਸਾਰ ਕੰਮ ਕਰਨਗੇ। ਉਹ ਅੱਜ ਸਨਅਤਕਾਰਾਂ ਨਾਲ ਵੀ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਦੇ ਯਤਨ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਦੀ ਕਿਤਾਬ ਦੇ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਸੋਨੀਆ ਗਾਂਧੀ ਦੀ ਕਿਤਾਬ ਵਿੱਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਨਾ ਹੋਣ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਤਾਬ ਪੜ੍ਹੀ ਨਹੀਂ, ਇਸ ਲਈ ਕੋਈ ਟਿੱਪਣੀ ਨਹੀਂ ਕਰ ਸਕਦੇ।

ਦਿੱਲੀ ਵਿੱਚ ਯਮੁਨਾ ਦੀ ਸਫ਼ਾਈ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਵੱਲੋਂ ਸ਼ੀਸ਼ ਮਹਿਲ ਦਾ ਮਾਮਲਾ ਉਠਾਏ ਜਾਣ ਨੂੰ ਧਿਆਨ ਭਟਕਾਉਣ ਦੀ ਕੋਸ਼ਿਸ਼ ਦੱਸਣ ਬਾਰੇ ਪੁੱਛੇ ਸਵਾਲ ’ਤੇ ਪਾਟਿਲ ਨੇ ਕਿਹਾ ਕਿ ਯਮੁਨਾ ਦੀ ਸਫ਼ਾਈ ਨਾ ਹੋਣ ਕਾਰਨ ਦਿੱਲੀ ਦੇ ਲੋਕਾਂ ਦਾ ‘ਆਪ’ ਤੋਂ ਭਰੋਸਾ ਉੱਠ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਸੰਬਰ 2028 ਤੱਕ ਗੰਗਾ ਦੀ ਸਫ਼ਾਈ ਦਾ ਟੀਚਾ ਰੱਖਿਆ ਹੈ ਅਤੇ ਭਾਜਪਾ 2028 ਤੋਂ ਪਹਿਲਾਂ ਗੰਗਾ ਤੇ ਯਮੁਨਾ ਦੋਵਾਂ ਦੀ ਸਫ਼ਾਈ ਕਰੇਗੀ।

Leave a Comment

Advertisment

You May Like This