ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਵਾਸਤੇ ਭਲਕੇ 20 ਨਵੰਬਰ ਨੂੰ ਜਨਰਲ ਇਜਲਾਸ ਹੋਵੇਗਾ, ਜਿਸ ਦੌਰਾਨ ਉਮੀਦਵਾਰ ਚੁਣਨ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਗਏ ਹਨ।
ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਸ਼ਾਮ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਮੀਟਿੰਗ ਹੋਈ ਹੈ, ਜਿਸ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਸ੍ਰੀ ਬਾਦਲ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਦੀ ਚੋਣ ਵਾਸਤੇ ਸਮੂਹਿਕ ਰੂਪ ਵਿੱਚ ਅਤੇ ਇੱਕ-ਇੱਕ ਮੈਂਬਰ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ-ਉਨ੍ਹਾਂ ਦੇ ਇਸ ਸਬੰਧੀ ਵਿਚਾਰ ਲਏ ਹਨ।
ਇਸ ਪ੍ਰਕਿਰਿਆ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਨ੍ਹਾਂ ਕੋਲੋਂ ਅਹੁਦੇਦਾਰਾਂ ਦੀ ਚੋਣ ਸਬੰਧੀ ਵਿਚਾਰ ਲਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਆਪਣੇ ਵਿਚਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਲਕੇ 20 ਨਵੰਬਰ ਨੂੰ ਜਨਰਲ ਇਜਲਾਸ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਸੰਸਥਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਪ੍ਰਧਾਨ ਦੇ ਉਮੀਦਵਾਰ ਦੇ ਨਾਂ ਦਾ ਖ਼ੁਲਾਸਾ ਕਰਨ ਸਬੰਧੀ ਸਵਾਲਾਂ ਦੇ ਜਵਾਬਾਂ ਤੋਂ ਉਨ੍ਹਾਂ ਟਾਲਾ ਵੱਟਿਆ ਹੈ।




















