Code Of Ethics

Download app

Subscribe To Print Edition

Gagandeep Randhawa suicide case: ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਲਾਲਜੀਤ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ

Gagandeep Randhawa Suicide Case: ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ; ਸਾਬਕਾ ਮੰਤਰੀ ਦੇ ਨਿੱਜੀ ਸਹਾਇਕ ਦੀ ਜ਼ਮਾਨਤ ਅਰਜ਼ੀ ਖਾਰਜ; ਮਾਮਲੇ ਦੀ ਅਗਲੀ ਸੁਣਵਾਈ 8 ਫਰਵਰੀ ਨੂੰ; ਪੀੜਤ ਦੀ ਪਤਨੀ ਨੇ ਮੁਲਜ਼ਮਾਂ ’ਤੇ ਗਵਾਹਾਂ ਨੂੰ ਧਮਕਾਉਣ ਦੇ ਲਾਏ ਦੋਸ਼

featured-img

Laljit Bhullar Father Bail: ਸੁਪਰੀਮ ਕੋਰਟ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਹਾਲਾਂਕਿ, ਇਸੇ ਮਾਮਲੇ ਵਿੱਚ ਤੀਜੇ ਮੁਲਜ਼ਮ ਅਤੇ ਸਾਬਕਾ ਮੰਤਰੀ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਚੰਦਰਸ਼ੇਖਰ ਦੇ ਬੈਂਚ ਨੇ ਕਿਹਾ ਕਿ ਸੁਖਦੇਵ ਸਿੰਘ ਭੁੱਲਰ ਦੀ ਉਮਰ ਕਰੀਬ 77 ਸਾਲ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਹਨ। ਇਸ ਲਈ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਦਰਜ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਇਹ ਰਾਹਤ ਜਾਂਚ ਵਿੱਚ ਸਹਿਯੋਗ ਕਰਨ ਦੀ ਸ਼ਰਤ ’ਤੇ ਦਿੱਤੀ ਗਈ ਹੈ। ਅਦਾਲਤ ਨੇ ਸੁਖਦੇਵ ਸਿੰਘ ਭੁੱਲਰ ਨਾਲ ਸਬੰਧਤ ਮਾਮਲੇ ਦੀ ਅਗਲੀ ਸੁਣਵਾਈ 8 ਫਰਵਰੀ 2027 ਨਿਰਧਾਰਤ ਕੀਤੀ ਹੈ।

ਮੌਤ ਤੋਂ ਪਹਿਲਾਂ ਵੀਡੀਓ ਵਿੱਚ ਸਾਬਕਾ ਮੰਤਰੀ ਦਾ ਨਾਂ ਲੈਣ ਦਾ ਦਾਅਵਾ

ਸੁਖਦੇਵ ਸਿੰਘ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੇ ਜਾਣ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਕਿ ਮੌਤ ਤੋਂ ਕੁਝ ਸਮਾਂ ਪਹਿਲਾਂ ਰਿਕਾਰਡ ਕੀਤੀ ਗਈ ਵੀਡੀਓ ਵਿੱਚ ਮ੍ਰਿਤਕ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ ਪਰ ਉਨ੍ਹਾਂ ਦੇ ਪਿਤਾ ਦਾ ਕੋਈ ਜ਼ਿਕਰ ਨਹੀਂ ਕੀਤਾ ਸੀ।

ਇਹ ਮਾਮਲਾ 21 ਮਾਰਚ ਦਾ ਹੈ, ਜਦੋਂ 45 ਸਾਲਾ ਗਗਨਦੀਪ ਸਿੰਘ ਰੰਧਾਵਾ ਨੇ ਆਪਣੇ ਘਰ ਵਿੱਚ ਕਥਿਤ ਖ਼ੁਦਕੁਸ਼ੀ ਕਰ ਲਈ ਸੀ। ਮੌਤ ਤੋਂ ਪਹਿਲਾਂ ਉਨ੍ਹਾਂ ਨੇ 12 ਸਕਿੰਟ ਦੀ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਕਥਿਤ ਤੌਰ ’ਤੇ ਉਸ ਸਮੇਂ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਂ ਲਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਅਤੇ ਲਾਲਜੀਤ ਸਿੰਘ ਭੁੱਲਰ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਗਵਾਹਾਂ ਨੂੰ ਧਮਕਾਉਣ ਦੇ ਦੋਸ਼

ਰੰਧਾਵਾ ਦੀ ਪਤਨੀ ਓਪਿੰਦਰ ਕੌਰ ਦੀ ਸ਼ਿਕਾਇਤ ’ਤੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਦਿਲਬਾਗ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਖ਼ੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀਆਂ ਦੇਣ ਅਤੇ ਸਾਂਝੀ ਨੀਅਤ ਨਾਲ ਅਪਰਾਧ ਕਰਨ ਦੇ ਦੋਸ਼ ਲਾਏ ਗਏ ਹਨ। ਬਾਅਦ ਵਿੱਚ ਸਬੂਤ ਨਸ਼ਟ ਕਰਨ ਨਾਲ ਸਬੰਧਤ ਧਾਰਾ ਵੀ ਜੋੜੀ ਗਈ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਸੁਖਦੇਵ ਸਿੰਘ ਭੁੱਲਰ ਅਤੇ ਦਿਲਬਾਗ ਸਿੰਘ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਸਨ। ਇਸ ਦੌਰਾਨ ਸਰਕਾਰੀ ਧਿਰ ਨੇ ਡੀਵੀਆਰ, ਪਿਸਤੌਲ ਅਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਬਾਕੀ ਹੋਣ ਦਾ ਹਵਾਲਾ ਦਿੱਤਾ ਸੀ। ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਸਬੂਤਾਂ ਨਾਲ ਛੇੜਛਾੜ ਕੀਤੇ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਸੀ।

ਮਨੁੱਖੀ ਅਧਿਕਾਰ ਕਾਰਕੁਨ ਅਤੇ ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 17 ਨਵੰਬਰ ਦੇ ਹੁਕਮਾਂ ਰਾਹੀਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਸਰਕਾਰ ਨੇ ਨੋਟਿਸ ਸਵੀਕਾਰ ਕਰਦਿਆਂ ਅਗਲੀ ਸੁਣਵਾਈ ਤੋਂ ਪਹਿਲਾਂ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਦੀ ਗੱਲ ਕਹੀ ਹੈ।

ਉਧਰ, ਮ੍ਰਿਤਕ ਦੀ ਪਤਨੀ ਓਪਿੰਦਰਜੀਤ ਕੌਰ ਨੇ ਕਿਹਾ ਕਿ ਉਹ ਅਦਾਲਤ ਵਿੱਚ ਜਲਦੀ ਆਪਣਾ ਜਵਾਬ ਦਾਖ਼ਲ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਦਾਲਤ ਸਾਹਮਣੇ ਤੱਥ ਲੁਕਾਏ ਹਨ ਅਤੇ ਗਵਾਹਾਂ ਨੂੰ ਧਮਕਾਉਣ ਤੇ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੀ ਸੁਣਵਾਈ ਦੌਰਾਨ ਆਪਣਾ ਪੱਖ ਰੱਖਿਆ ਜਾਵੇਗਾ।

Leave a Comment

Advertisment

You May Like This