ਬਟਾਲਾ, 24 ਅਪ੍ਰੈਲ ( ਬਿਊਰੋ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਚੇ ਚੁਕਾਈ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਬਟਾਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਦਾਣਾ ਮੰਡੀ ਵਿੱਚ 295830 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਕਣਕ ਦੀ ਚੁਕਾਈ ਵੀ ਨਿਰਵਿਘਨ ਜਾਰੀ ਹੈ। ਉਨਾਂ ਦੱਸਿਆ ਕਿ 22 ਅਪਰੈਲ ਤੱਕ 17 ਕਰੋੜ 65 ਲੱਖ 69 ਹਜ਼ਾਰ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੀ ਹੈ। ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਪਨਗਰੇਨ ਵੱਲੋਂ 73550 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 69840 ਮੀਟਿ੍ਰਕ ਟਨ, ਪਨਸਪ ਵੱਲੋਂ 37670 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 80910 ਮੀਟਿ੍ਰਕ ਟਨ ਅਤੇ ਪ੍ਰਾਈਵੇਟ 33860 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।